ਜਾਖੜ ਦਾ ਰਾਜਾ ਵੜਿੰਗ ਨੂੰ ਮੋੜਵਾਂ ਜਵਾਬ
ਚੰਡੀਗੜ੍ਹ (ਟਨਸ): ਲੰਘੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ‘ਆਪ’ ਤੇ ਭਾਜਪਾ ’ਤੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਦੌਰਾਨ ਆਪਸੀ ਸਮਝੌਤਾ ਕਰਨ ਦੇ ਲਾਏ ਦੋਸ਼ਾਂ ਦਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੋੜਵਾਂ ਜਵਾਬ ਦਿੱਤਾ ਹੈ। ਸ੍ਰੀ ਜਾਖੜ ਨੇ ਕਿਹਾ ਕਿ ਕਾਂਗਰਸ ਦੇ ਕੁਝ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਸੌਦੇਬਾਜ਼ੀ ਤਹਿਤ ਆਤਮ ਸਮਰਪਣ ਕਰਨ ਕਰਕੇ ਹੀ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਹੁਣ ਆਪਣੇ ਭੇਦ ਖੁੱਲ੍ਹਣ ਦੇ ਡਰੋਂ ਕਾਂਗਰਸ ਦੇ ਆਗੂ ਉਲਟਾ ਭਾਜਪਾ ’ਤੇ ਦੋਸ਼ ਲਗਾ ਰਹੇ ਹਨ, ਪਰ ਅਸਲ ਵਿੱਚ ਕਾਂਗਰਸ ਦੀ ਹਾਰ ਲਈ ਉਹੀ ਆਗੂ ਜ਼ਿੰਮੇਵਾਰ ਹਨ। ਸ੍ਰੀ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਟਰਾਂਸਪੋਰਟ ਵਿਭਾਗ ਦੇ ਘਪਲਿਆਂ ਦਾ ਜ਼ਿਕਰ ਕਰਦਿਆਂ ਕੁਝ ਆਗੂਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਗੱਲ ਆਖੀ ਸੀ। ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਕਿਸੇ ’ਤੇ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਸ ਘਪਲੇ ਨੂੰ ਦਬਾਉਣ ਦੇ ਨਾਂ ’ਤੇ ਭ੍ਰਿਸ਼ਟਾਚਾਰ ਹੋਇਆ ਜਾਂ ਸਬੰਧਤ ਆਗੂ ਨੇ ਮੁੱਖ ਮੰਤਰੀ ਅੱਗੇ ਆਪਣੀ ਪਾਰਟੀ ਦੇ ਹਿੱਤ ਵੇਚ ਦਿੱਤੇ ਹਨ।