ਮਹਿੰਦਰ ਸਿੰਘ ਰੱਤੀਆਂ
ਮੋਗਾ, 10 ਫਰਵਰੀ
ਦਿੱਲੀ ਦੀ ਸਿੰਘੂ ਹੱਦ ਤੋਂ ਕੁਝ ਦਿਨ ਪਹਿਲਾਂ ਬਿਮਾਰ ਹੋਣ ਕਾਰਨ ਪਰਤੇ ਪਿੰਡ ਜਲਾਲਾਬਾਦ ਪੂਰਬੀ ਦੇ ਕਿਸਾਨ ਰਣਜੀਤ ਸਿੰਘ ਪੁੱਤਰ ਲਾਲ ਸਿੰਘ ਦੀ ਬੀਤੀ ਸ਼ਾਮ ਫਰੀਦਕੋਟ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਕਿਸਾਨ ਸਭਾ ਦੇ ਆਗੂ ਕਾਮਰੇਡ ਸੂਰਤ ਸਿੰਘ ਨੇ ਦੱਸਿਆ ਕਿ ਦਿੱਲੀ ਦੀਆਂ ਬਰੂਹਾਂ ’ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਰਣਜੀਤ ਸਿੰਘ ਸਰਗਰਮ ਕਾਰਕੁਨ ਵਜੋਂ ਵਿਚਰ ਰਿਹਾ ਸੀ। ਉਥੇ ਬਿਮਾਰ ਹੋਣ ਕਾਰਨ ਉਸ ਨੂੰ ਇਲਾਜ ਲਈ ਫਰੀਦਕੋਟ ਦੇ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਬੀਤੀ ਸ਼ਾਮ ਮੌਤ ਹੋ ਗਈ। ਕਿਸਾਨ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੰਜਾਬ ਸਰਕਾਰ ਕੋਲੋਂ ਪੀੜਤ ਪਰਿਵਾਰ ਲਈ ਮੁਆਵਜ਼ੇ ਅਤੇ ਇੱਕ ਜੀਅ ਲਈ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।
ਸਿੰਘੂ ਹੱਦ ’ਤੇ ਮੋਗਾ ਦੇ ਕਿਸਾਨ ਦੀ ਮੌਤ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀ ਸਿੰਘੂ ਹੱਦ ’ਤੇ ਚੱਲ ਰਹੇ ਸੰਘਰਸ਼ ਦੌਰਾਨ ਇਥੋਂ ਨੇੜਲੇ ਪਿੰਡ ਰੌਲੀ ਦੇ ਕਿਸਾਨ ਦਰਸ਼ਨ ਸਿੰਘ ਦੀ ਬੀਤੀ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾਈ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਅਤੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਨੇ ਦੱਸਿਆ ਕਿ ਅੱਜ ਸੋਨੀਪਤ ਦੇ ਹਸਪਤਾਲ ਵਿੱਚ ਉਸ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਸਸਕਾਰ ਭਲਕੇ 11 ਫਰਵਰੀ ਨੂੰ ਕੀਤਾ ਜਾਵੇਗਾ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਸੂਰਤ ਸਿੰਘ ਧਰਮਕੋਟ ਤੇ ਜਗਜੀਤ ਸਿੰਘ ਧੂੜਕੋਟ ਨੇ ਸਰਕਾਰ ਕੋਲੋਂ ਪਰਿਵਾਰ ਲਈ ਮੁਆਵਜ਼ੇ ਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।