ਜਲੰਧਰ: ਪਰਾਲੀ ਸਾੜਨ ’ਤੇ ਕਿਸਾਨ ਖ਼ਿਲਾਫ਼ ਕੇਸ ਦਰਜ
ਜਲੰਧਰ ਦਿਹਾਤੀ ਪੁਲੀਸ ਨੇ ਲੋਹੀਆਂ ਖਾਸ ਦੇ ਪਿੰਡ ਕੰਗ ਖੁਰਦ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ ਰਾਜ ਕੁਮਾਰ ਨਾਮ ਦੇ ਕਿਸਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਾਲ ਪਰਾਲੀ ਸਾੜਨ ਦਾ ਇਹ ਪਹਿਲਾ ਕੇਸ ਦਰਜ ਕੀਤਾ ਗਿਆ ਹੈ। ਜਲੰਧਰ ਵਿੱਚ ਹਾਲੇ ਤੱਕ ਪਰਾਲੀ ਸਾੜਨ ਦੀ ਹੋਰ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ। ਇਹ ਸੁਪਰੀਮ ਕੋਰਟ ਦੇ ਸੂਬੇ ਵਿੱਚ ਸਖ਼ਤ ਕਾਰਵਾਈ ਕਰਨ ਦੇ ਹਾਲ ਦੇ ਹੁਕਮਾਂ ਤੋਂ ਬਾਅਦ ਕਿਸਾਨਾਂ ਖ਼ਿਲਾਫ਼ ਕਾਰਵਾਈ ਵਿੱਚ ਤੇਜ਼ੀ ਲਿਆਉਣ ਦਾ ਸੰਕੇਤ ਹੈ। ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਕਿਸਾਨ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਖ਼ਰਾਬ ਹੋਈ ਫ਼ਸਲ ਨੂੰ ਅੱਗ ਲਗਾਈ ਸੀ। ਇਸ ਸਬੰਧੀ ਲੋਹੀਆਂ ਥਾਣੇ ਵਿੱਚ 24 ਸਤੰਬਰ ਨੂੰ ਭਾਰਤੀ ਨਿਆਂ ਸੰਹਿਤਾ ਦੀ ਧਾਰਾ 223 ਤਹਿਤ ਐੱਫ ਆਈ ਆਰ ਦਰਜ ਕੀਤੀ ਗਈ ਹੈ। ਕਿਸਾਨ ’ਤੇ 5,000 ਰੁਪਏ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸ ਸਬੰਧੀ ਜਲੰਧਰ ਦੇ ਮੁੱਖ ਖੇਤੀਬਾੜੀ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਖ਼ਰਾਬ ਹੋਈ ਫ਼ਸਲ ਨੂੰ ਅੱਗ ਲਗਾਈ ਸੀ। ਡੀਐੱਸਪੀ ਓਂਕਾਰ ਸਿੰਘ ਬਰਾੜ ਨੇ ਕਿਹਾ, ‘‘ਲੋਹੀਆਂ ਦੇ ਕਿਸਾਨ ਖ਼ਿਲਾਫ਼ ਪਰਾਲੀ ਸਾੜਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ ਪਰ ਕਿਸੇ ਕਿਸਾਨ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।’’
ਉੱਧਰ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਇਸ ਸਬੰਧੀ ਕਿਹਾ ਕਿ ਯੂਨੀਅਨ ਕਿਸਾਨ ਦੇ ਨਾਲ ਖੜ੍ਹੀ ਹੈ ਅਤੇ ਇਸ ਮੁੱਦੇ ਨੂੰ ਭਲਕੇ ਚੰਡੀਗੜ੍ਹ ਵਿੱਚ ਹੋਣ ਵਾਲੀ ਕਿਸਾਨ ਮਜ਼ਦੂਰ ਮੋਰਚਾ ਦੀ ਮੀਟਿੰਗ ਵਿੱਚ ਉਠਾਇਆ ਜਾਵੇਗਾ।