ਜਲੰਧਰ: ਸਿਵਲ ਹਸਪਤਾਲ ’ਚ ਮੌਤਾਂ ਦੀ ਜਾਂਚ ਦੇ ਹੁਕਮ
ਹਤਿੰਦਰ ਮਹਿਤਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਥੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦੇ ਆਈਸੀਯੂ ’ਚ ਦਾਖ਼ਲ ਤਿੰਨ ਮਰੀਜ਼ਾਂ ਦੀ ਮੌਤ ਮਾਮਲੇ ’ਚ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਆਕਸੀਜਨ ਦੀ ਸਪਲਾਈ ਨਾ ਹੋਣ ਦੀਆਂ ਰਿਪੋਰਟਾਂ ਮਿਲਣ ਮਗਰੋਂ ਮੰਤਰੀ ਨੇ ਐਤਵਾਰ ਰਾਤ 12.55 ਵਜੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਹਸਪਤਾਲ ਦਾ ਦੌਰਾ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਤਕਨੀਕੀ ਖਰਾਬੀ ਕਾਰਨ ਆਕਸੀਜਨ ਪਲਾਂਟ ’ਚ ਦਬਾਅ ਘਟਣ ਦੀ ਸਮੱਸਿਆ ਆਈ ਸੀ, ਜਿਸ ਨੂੰ ਤੁਰੰਤ ਬੈਕਅੱਪ ਸਿਸਟਮ ਨਾਲ ਬਹਾਲ ਕੀਤਾ ਗਿਆ। ਇਸ ਮਾਮਲੇ ਬਾਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਉੱਚ ਪੱਧਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਨ ਅਤੇ 48 ਘੰਟਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਿਹਤ ਮੰਤਰੀ ਨੇ ਇਸ ਘਟਨਾ ’ਤੇ ਦੁੱਖ ਪ੍ਰਗਟਾਇਆ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੁਖੀ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਦੱਸਿਆ ਕਿ ਫੌਤ ਹੋਣ ਵਾਲੇ ਮਰੀਜ਼ ਪਹਿਲਾਂ ਹੀ ਗੰਭੀਰ ਹਾਲਤ ਵਿੱਚ ਸਨ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ 46 ਇੰਟਰਨ, 14 ਹਾਊਸ ਸਰਜਨ ਅਤੇ ਡੀਐੱਨਬੀ ਵਿਦਿਆਰਥੀ ਤਾਇਨਾਤ ਕੀਤੇ ਗਏ ਸਨ। ਮੰਤਰੀ ਨੇ ਕਿਹਾ ਕਿ ਜੇ ਹਸਪਤਾਲ ਸਟਾਫ ਦੀ ਕੋਈ ਵੀ ਗਲਤੀ ਜਾਂ ਲਾਪ੍ਰਵਾਹੀ ਸਾਹਮਣੇ ਆਈ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਿਹਤ ਕ੍ਰਾਂਤੀ ਦੇ ਦਾਅਵਿਆਂ ਦੀ ਪੋਲ ਖੁੱਲ੍ਹੀ: ਪਰਗਟ ਸਿੰਘ
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਨੇ ਜਲੰਧਰ ਸਿਵਲ ਹਸਪਤਾਲ ਵਿੱਚ ਆਕਸੀਜਨ ਸਪਲਾਈ ਫੇਲ੍ਹ ਹੋਣ ਕਾਰਨ ਆਈਸੀਯੂ ਵਿੱਚ ਤਿੰਨ ਮਰੀਜ਼ਾਂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਘਟਨਾ ਦੀ ਨਿੰਦਾ ਕਰਦਿਆਂ ਪਰਗਟ ਸਿੰਘ ਨੇ ‘ਆਪ’ ਸਰਕਾਰ ਦੀ ਅਸਫ਼ਲਤਾ ਅਤੇ ਪੰਜਾਬ ਦੀ ਸਿਹਤ ਪ੍ਰਣਾਲੀ ਦੀ ਵਿਗੜਦੀ ਹਾਲਤ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਖੁਦ ਹਸਪਤਾਲਾਂ ਦੀ ਸਥਿਤੀ ਦਾ ਮੁਆਇਨਾ ਕਰਨਾ ਚਾਹੀਦਾ ਹੈ ਅਤੇ ਜਨਤਾ ਦੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ।
ਮੋਹਿੰਦਰ ਭਗਤ ਵੱਲੋਂ ਸਿਵਲ ਹਸਪਤਾਲ ਦਾ ਦੌਰਾ
ਜਲੰਧਰ (ਹਤਿੰਦਰ ਮਹਿਤਾ): ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦੇ ਟਰੌਮਾ ਵਾਰਡ ਦਾ ਦੌਰਾ ਕਰਕੇ ਇਥੇ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਐਤਵਾਰ ਦੀ ਸ਼ਾਮ ਨੂੰ ਆਈਸੀਯੂ ਦੇ ਤਿੰਨ ਮਰੀਜ਼ਾਂ ਦੀ ਮੌਤ ਬਾਰੇ ਸਥਿਤੀ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਹਸਪਤਾਲ ਦੇ ਸਿਹਤ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੰਜੀਦਾ ਕਦਮ ਚੁੱਕਣ ਦੀ ਹਦਾਇਤ ਕੀਤੀ। ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸਿਵਲ ਹਸਪਤਾਲ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਿਰਧਾਰਿਤ ਸਮੇਂ ਅੰਦਰ ਪੰਜਾਬ ਸਰਕਾਰ ਨੂੰ ਰਿਪੋਰਟ ਸੌਂਪ ਦਿੱਤੀ ਜਾਵੇਗੀ।