ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 3 ਜਨਵਰੀ
ਹਰਿਆਵਲ ਪੰਜਾਬ ਸੰਸਥਾ ਵੱਲੋਂ ਨਾਜਾਇਜ਼ ਪਰਚੀ ਅਤੇ ਨਾਜਾਇਜ਼ ਮਾਈਨਿੰਗ ਖਿਲਾਫ ਸ੍ਰੀ ਆਨੰਦਪੁਰ ਸਾਹਿਬ-ਗੜ੍ਹਸ਼ੰਕਰ ਮਾਰਗ ‘ਤੇ ਕਰੱਸ਼ਰ ਜ਼ੋਨ ਨੇੜੇ ਅਨਾਜ ਮੰਡੀ ਵਿਖੇ ਧਰਨਾ ਦਿੱਤਾ ਗਿਆ ਅਤੇ ਸੜਕ ਨੂੰ ਇਕ ਘੰਟੇ ਲਈ ਜਾਮ ਕੀਤਾ ਗਿਆ। ਇਕੱਤਰਤ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਐਡਵੋਕੇਟ ਸਤਵੀਰ ਸਿੰਘ ਰਾਣਾ ਅਤੇ ਨੌਜਵਾਨ ਆਗੂ ਸੰਦੀਪ ਸਿੰਘ ਕਲੋਤਾ ਨੇ ਕਿਹਾ ਕਿ ਸਰਕਾਰ ਇਸ ਖੇਤਰ ਵਿੱਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਤੁਰੰਤ ਬੰਦ ਕਰੇ ਅਤੇ ਸਰਕਾਰ ਦੀ ਸਰਪ੍ਰਸਤੀ ਹੇਠ ਹੋ ਰਹੀ ਗੁੰਡਾਂ ਪਰਚੀ ਨੂੰ ਵੀ ਤੁਰੰਤ ਬੰਦ ਕੀਤਾ ਜਾਵੇ। ਇਸ ਮੌਕੇ ਮਨੋਹਰ ਲਾਲ ਖੇਮੜਾ, ਸ਼ੇਰ ਸਿੰਘ ਆਦਿ ਹਾਜ਼ਰ ਸਨ, ਤਰਲੋਚਨ ਸਿੰਘ ਚੱਠਾ, ਨਿਰਮਲ ਸਿੰਘ ਹਰੀਵਾਲ , ਸਰਪੰਚ ਸੰਜੂ, ਸੇਠੀ ਸ਼ਰਮਾ, ਵੀਰ ਸਿੰਘ ਬੜਵਾ ਕਿਸਾਨ ਯੂਨੀਅਨ, ਦਵਿੰਦਰ ਸਿੰਘ ਸੂਰੇਵਾਲ ਆਦਿ ਬੁਲਾਰਿਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਇਸ ਕੰਮ ਨੂੰ ਬੰਦ ਨਾ ਕਰਵਾਇਆ ਗਿਆ ਤਾਂ ਜਲਦੀ ਹੀ ਬਗਲੇ ਸੰਘਰਸ਼ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਸ੍ਰੀ ਆਨੰਦਪੁਰ ਸਾਹਿਬ-ਗੜ੍ਹਸ਼ੰਕਰ ਮਾਰਗ ਨੂੰ ਇਕ ਘੰਟੇ ਲਈ ਬੰਦ ਕਰਨ ਉਪਰੰਤ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਦੇ ਪੁਤਲੇ ਵੀ ਫੂਕੇ ਗਏ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਕੇਸ਼ਵ ਗੋਇਲ ਨੇ ਦੱਸਿਆ ਕਿ ਉਕਤ ਸੰਸਥਾ ਵੱਲੋਂ ਦਿੱਤਾ ਗਿਆ ਮੰਗ ਪੱਤਰ ਅਗਲੇਰੀ ਕਾਰਵਾਈ ਲਈ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੂੰ ਭੇਜ ਦਿੱਤਾ ਗਿਆ ਹੈ।