ਸ੍ਰੀਨਗਰ, 27 ਅਪਰੈਲ
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਇਕ ਅਤਿਵਾਦੀ ਮਾਰਿਆ ਗਿਆ ਤੇ ਇਕ ਜਵਾਨ ਜ਼ਖਮੀ ਹੋ ਗਿਆ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਪੁਲਵਾਮਾ ਦੇ ਮਿੱਤਰਗਾਮ ਖੇਤਰ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ , ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ ਤੇ ਇਹ ਕਾਰਵਾਈ ਮੁਕਾਬਲੇ ਵਿੱਚ ਬਦਲ ਗਈ ਤੇ ਇਕ ਦਹਿਸ਼ਤਗਰਦ ਮਾਰਿਆ ਗਿਆ ਤੇ ਜਵਾਨ ਜ਼ਖ਼ਮੀ ਹੋ ਗਿਆ। ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਨੇ ਕਿਹਾ ਕਿ ਨਾਗਰਿਕਾਂ ਨੂੰ ਕੱਢਣ ਲਈ ਸ਼ੁਰੂਆਤੀ ਗੋਲੀਬਾਰੀ ਤੋਂ ਬਾਅਦ ਕਾਰਵਾਈ ਨੂੰ ਰੋਕ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜੈਸ਼-ਏ-ਮੁਹੰਮਦ ਦੇ ਅਤਿਵਾਦੀ ਸਮੇਤ ਦੋ ਤੋਂ ਤਿੰਨ ਅਤਿਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਘੇਰਿਆ ਹੋਇਆ ਹੈ। ਇਨ੍ਹਾਂ ਨੂੰ ਛੇਤੀ ਕਾਬੂ ਜਾਂ ਮਾਰ ਮੁਕਾਇਆ ਜਾਵੇਗਾ। -ਏਜੰਸੀ