ਸੰਜੀਵ ਬੱਬੀ
ਚਮਕੌਰ ਸਾਹਿਬ, 4 ਫਰਵਰੀ
ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਅੱਜ ਦਿੱਲੀ ਦੇ ਵਿਧਾਇਕ ਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਪਿੰਡ ਝੱਲੀਆਂ ਕਲਾਂ ਵਿੱਚ ਇੱਕ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ। ਜਰਨੈਲ ਸਿੰਘ ਨੇ ਕਿਹਾ ਕਿ ਇਹ ਚੋਣਾਂ ਪੰਜਾਬ ਦੀ ਤਕਦੀਰ ਬਦਲਣ ਵਾਲੀਆਂ ਸਾਬਤ ਹੋਣਗੀਆਂ, ਜਿਨ੍ਹਾਂ ਵਿੱਚ ਵੋਟਰਾਂ ਨੇ ਬੱਚਿਆਂ ਦੇ ਬਹਿਤਰ ਭਵਿੱਖ ਲਈ ਅਤੇ ਪੰਜਾਬ ਵਿੱਚੋਂ ਹਰ ਤਰ੍ਹਾਂ ਦਾ ਮਾਫੀਆ ਖਤਮ ਕਰਕੇ ਇੱਥੇ ਵਧੀਆ ਸਿਹਤ ਤੇ ਸਿੱਖਿਆ ਸਹੂਲਤਾਂ ਦੇਣ ਵਾਲਿਆਂ ਦੀ ਚੋਣ ਕਰਨੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹਲਕੇ ਦੇ ਲੋਕ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਚੰਗੇ ਸਕੂਲਾਂ ’ਚ ਪੜ੍ਹਨ ਅਤੇ ਵਿਦੇਸ਼ਾਂ ਵਿੱਚ ਰੁਲਣ ਦੀ ਥਾਂ ਉਨ੍ਹਾਂ ਨੂੰ ਪੰਜਾਬ ਵਿੱਚ ਹੀ ਉਨ੍ਹਾਂ ਦੀ ਵਿਦਿਅਕ ਯੋਗਤਾ ਅਨੁਸਾਰ ਨੌਕਰੀਆਂ ਮਿਲਣ, ਚੰਗੀਆਂ ਸੜਕਾਂ ਹੋਣ, ਹਰ ਨਾਗਰਿਕ ਨੂੰ ਮਾਣ-ਸਨਮਾਨ ਅਤੇ ਸੁਰੱਖਿਆ ਮਿਲੇ ਤਾਂ ਇਸ ਵਾਰੀ ਡਾ. ਚਰਨਜੀਤ ਸਿੰਘ ਨੂੰ ਵੋਟਾਂ ਪਾ ਕੇ ਜਿਤਾਉਣ ਤਾਂ ਜੋ ਪੰਜਾਬ ਵਿੱਚ ਬਦਲਾਅ ਲਿਆਂਦਾ ਜਾ ਸਕੇ। ਇਸ ਮੌਕੇ ‘ਆਪ’ ਉਮੀਦਵਾਰ ਡਾ. ਚਰਨਜੀਤ ਸਿੰਘ ਚੰਨੀ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਲੋਕਾਂ ਨੂੰ ਉਨ੍ਹਾਂ ਦੇ ਦਰਵਾਜੇ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।