Jassa Patti Incharge: ‘ਆਪ’ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਤੋਂ ਰੁਸਤਮ-ਏ-ਹਿੰਦ ਪਹਿਲਵਾਨ ਜਸਕੰਵਰ ਸਿੰਘ ਜੱਸਾ ਇੰਚਾਰਜ ਨਿਯੁਕਤ
AAP Patti Incharge: ਆਮ ਆਦਮੀ ਪਾਰਟੀ ਵੱਲੋਂ ਲਾਲਜੀਤ ਸਿੰਘ ਭੁੱਲਰ ਨੂੰ ਵੱਡਾ ਸਿਆਸੀ ਝਟਕਾ
ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਵੱਡਾ ਸਿਆਸੀ ਝਟਕਾ ਦਿੰਦਿਆਂ ਰੁਸਤਮੇ ਹਿੰਦ ਪਹਿਲਵਾਨ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਪੱਟੀ ਹਲਕੇ ਦੀ ਵਾਗਡੋਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੱਥ ਵਿੱਚ ਸੀ ਪਰ ਉਹ ਮਾਰਕਫੈਡ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਰੰਧਾਵਾ ਦੇ ਖੁਦਕੁਸ਼ੀ ਕੇਸ ਦੇ ਸਬੰਧ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ। ਕੁਝ ਮਹੀਨੇ ਪਹਿਲਾਂ ਪਹਿਲਵਾਨ ਜੱਸਾ ਪੱਟੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪ ਵਿੱਚ ਸ਼ਾਮਲ ਕਰਕੇ ਪੰਜਾਬ ਸਪੋਰਟਸ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਜੱਸਾ ਪੱਟੀ ਹਲਕੇ ਦੇ ਪਿੰਡ ਚੂਸਲੇਵੜ ਨਾਲ ਸਬੰਧਿਤ ਹਨ ਅਤੇ ਕੁਸ਼ਤੀ ਖੇਡ ਜਗਤ ਨਾਲ ਜੁੜਿਆ ਹੋਣ ਕਰਕੇ ਇਲਾਕੇ ਦੇ ਲੋਕਾਂ ਵਿੱਚ ਹਰਮਨ ਪਿਆਰੇ ਨੌਜਵਾਨ ਆਗੂ ਹਨ ।
ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਦੀ ਪਤਨੀ ਵੱਲੋਂ ਹਲਕੇ ਅੰਦਰ ਪਾਰਟੀ ਪਲੇਟਫਾਰਮ ’ਤੇ ਨੁੱਕੜ ਮੀਟਿੰਗਾਂ ਲਗਾਤਾਰ ਕੀਤੀਆਂ ਜਾ ਰਹੀਆਂ ਸਨ ਪਰ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਪੱਟੀ ਹਲਕੇ ਅੰਦਰ ਵਿਕਾਸ ਦੇ ਕੰਮ ਰੁਕੇ ਹੋਏ ਸਨ। ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਆਪ ਦੀ ਲੀਡਰਸ਼ਿਪ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਿਸੇ ਵੀ ਮੰਤਰੀ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਅੰਦਰ ਕੋਈ ਦਿਲਚਸਪੀ ਨਹੀਂ ਦਿਖਾਈ ਗਈ। ਪਿਛਲੇ ਦਿਨੀ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਪੱਟੀ ਅੰਦਰ ਲਾਲਜੀਤ ਸਿੰਘ ਭੁੱਲਰ ਦੇ ਧੜੇ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ 2017 ਦੀ ਵਿਧਾਨ ਸਭਾ ਚੋਣ ਲੜ ਚੁੱਕੇ ‘ਆਪ’ ਦੇ ਸੀਨੀਅਰ ਆਗੂ ਤੇ ਪੰਜਾਬ ਜਲ ਸਰੋਤ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਵੱਲੋਂ ਪੱਟੀ ਤੋਂ ਹਲਕਾ ਇੰਚਾਰਜ ਲੱਗਣ ਲਈ ਸਰਗਰਮ ਸਿਆਸਤ ਆਰੰਭ ਕੀਤੀ ਗਈ।
ਸ਼ੁਕਰਾਨਾ ਯਾਤਰਾ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਪੱਟੀ ਫੇਰੀ ਤੋਂ ਬਾਅਦ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਦਿਆਲ ਸਿੰਘ ਮਰਹਾਣਾ ਅਤੇ ਐਡਵੋਕੇਟ ਹੀਰਾ ਸਿੰਘ ਸੰਧੂ ਮਰਹਾਣਾ ਵੱਲੋਂ ਇੱਕ ਮਜਬੂਤ ਧੜੇ ਵਜੋਂ ਸਿਆਸੀ ਸਰਗਰਮੀਆਂ ਆਰੰਭੀਆਂ ਗਈਆਂ ਸਨ। ਇਸ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰਪਾਲ ਸਿੰਘ ਬ੍ਰਹਮਪੁਰਾ ਨੂੰ ਆਪ ਪਾਰਟੀ ਵਿੱਚ ਸ਼ਾਮਲ ਕਰਕੇ ਪੱਟੀ ਤੋਂ 2027 ਦੀ ਵਿਧਾਨ ਸਭਾ ਚੋਣਾਂ ਲੜਾਉਣ ਦੀਆਂ ਕਨਸੋਆਂ ਵੀ ਸਨ।

