ਪੱਤਰ ਪ੍ਰੇਰਕ
ਅਟਾਰੀ, 17 ਜੂਨ
ਪਾਕਿਸਤਾਨ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਕੇ ਅੱਜ ਭਾਰਤੀ ਜਥਾ ਵਤਨ ਪਰਤ ਆਇਆ ਹੈ। 144 ਮੈਂਬਰੀ ਜਥੇ ਨੇ ਉਥੇ ਗੁਰਧਾਮਾਂ ਦੇ ਦਰਸ਼ਨ ਵੀ ਕੀਤੇ। ਇਹ ਜਥਾ ਵਾਹਗਾ-ਅਟਾਰੀ ਸਰਹੱਦ ਦੇ ਸੜਕ ਰਸਤੇ ਵਤਨ ਪਰਤਿਆ ਹੈ। ਜਥੇ ਵਿੱਚ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਅਤੇ ਸੁਖਮਨੀ ਸਾਹਿਬ ਸੁਸਾਇਟੀ ਡੱਬਵਾਲੀ ਦੇ ਸ਼ਰਧਾਲੂ ਸ਼ਾਮਲ ਸਨ।
ਜਥੇ ਦੇ ਆਗੂ ਨਿਰਮਲ ਸਿੰਘ ਨੇ ਦੱਸਿਆ ਕਿ ਭਾਰਤੀ ਸਿੱਖ ਸ਼ਰਧਾਲੂਆਂ ਵੱਲੋਂ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ 16 ਜੂਨ ਨੂੰ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਸ਼ਰਧਾਲੂ ਰਾਜ ਜਤਿੰਦਰ ਸਿੰਘ ਵਾਸੀ ਬਠਿੰਡਾ ਨੇ ਦੱਸਿਆ ਕਿ ਗੁਰਧਾਮਾਂ ਦੀ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ), ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਸਥਾਨਕ ਗਰਦੁਆਰਿਆਂ ਸਮੇਤ), ਗੁਰਦੁਆਰਾ ਸੱਚਾ ਸੌਦਾ ਸਾਹਿਬ (ਮੰਡੀ ਚੂਹੜਕਾਣਾ), ਗੁਰਦੁਆਰਾ ਡੇਹਰਾ ਸਾਹਿਬ ਲਾਹੌਰ (ਸਥਾਨਕ ਗੁਰਦੁਆਰਿਆਂ ਸਮੇਤ), ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ (ਨਾਰੋਵਾਲ) ਅਤੇ ਗੁਰਦੁਆਰਾ ਰੋੜੀ ਸਾਹਿਬ (ਐਮਨਾਬਾਦ) ਦੇ ਦਰਸ਼ਨ ਕੀਤੇ। ਉਨ੍ਹਾਂ ਦੱਸਿਆ ਕਿ ਇਵੈਕੁਈ ਟਰੱਸਟ ਵੱਲੋਂ ਵਾਹਗਾ (ਪਾਕਿਸਤਾਨ) ਤੋਂ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਬੱਸਾਂ ਰਾਹੀਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਗੁਰਧਾਮਾਂ ਦੇ ਦਰਸ਼ਨ ਕਰਵਾਏ ਗਏ।