ਜਥੇਦਾਰ ਗੜਗੱਜ ਨੇ ਪੁਲੀਸ ਮੁਕਾਬਲਿਆਂ ਦਾ ਮੁੱਦਾ ਰਾਜਪਾਲ ਕੋਲ ਚੁੱਕਿਆ
ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 11 ਜੁਲਾਈ
ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਕੇਸਗੜ੍ਹ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਜਥੇਦਾਰ ਗੜਗੱਜ ਨੇ ਕਿਹਾ ਰਾਜਪਾਲ ਨਾਲ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਤਾਬਦੀ, ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਕਾਨੂੰਨ, ਚਮਕੌਰ ਸਾਹਿਬ ਦੇ ਨੇੜੇ ਪੇਪਰ ਫੈਕਟਰੀ ਅਤੇ ਮੱਤੇਵਾੜਾ ਜੰਗਲ ਨੇੜੇ ਵੱਸਦੇ ਗ਼ਰੀਬ ਪਰਿਵਾਰਾਂ ਦੇ ਉਜਾੜੇ, ਪੰਜਾਬ ’ਚ ਪੁਲੀਸ ਮੁਕਾਬਲੇ ਤੇ ਧਰਮ ਪਰਿਵਰਤਨ ਮਾਮਲਿਆਂ ’ਤੇ ਵਿਚਾਰਾਂ ਹੋਈਆਂ।
ਉਨ੍ਹਾਂ ਕਿਹਾ ਕਿ ਰਾਜਪਾਲ ਨਾਲ ਚੰਗੇ ਮਾਹੌਲ ਵਿੱਚ ਗੱਲਬਾਤ ਹੋਈ। ਰਾਜਪਾਲ ਨੇ ਸਾਰੇ ਮਾਮਲਿਆਂ ਨੂੰ ਸੁਣਿਆ ਅਤੇ ਲੋੜੀਂਦੀ ਕਾਰਵਾਈ ਦੀ ਗੱਲ ਆਖੀ। ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਪੂਰੇ ਦੇਸ਼ ਅਤੇ ਵਿਸ਼ਵ ਵਿੱਚ ਮਨਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਟਾਰੀਆ ਨੂੰ ਇਹ ਸੁਝਾਅ ਦਿੱਤਾ ਗਿਆ ਹੈ ਕਿ ਸ਼ਹੀਦੀ ਸ਼ਤਾਬਦੀ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ ਸਲਾਹ ਨਾਲ ਮਨਾਈ ਜਾਵੇ। ਜਥੇਦਾਰ ਨੇ ਮੱਤੇਵਾੜਾ ਜੰਗਲ ਦੇ ਨੇੜੇ ਵੱਸਦੇ ਗ਼ਰੀਬ ਪਰਿਵਾਰਾਂ ਦੇ ਸਰਕਾਰ ਵੱਲੋਂ ਕੀਤੇ ਜਾ ਰਹੇ ਉਜਾੜੇ ਦਾ ਮਾਮਲਾ ਵੀ ਰਾਜਪਾਲ ਕੋਲ ਉਠਾਇਆ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਵਿਸ਼ੇਸ਼ ਕਾਨੂੰਨ ਬਣਨਾ ਚਾਹੀਦਾ ਹੈ। ਇਸ ਤਹਿਤ ਸਖ਼ਤ ਸਜ਼ਾ ਅਤੇ ਛੇਤੀ ਫ਼ੈਸਲਾ ਕੀਤਾ ਜਾਣਾ ਚਾਹੀਦਾ ਹੈ। ਜਥੇਦਾਰ ਗੜਗੱਜ ਨੇ ਰਾਜਪਾਲ ਕੋਲ ਸੱਤ ਮਹੀਨਿਆਂ ’ਚ ਪੰਜਾਬ ਪੁਲੀਸ ਵੱਲੋਂ ਕੀਤੇ ਮੁਕਾਬਲਿਆਂ ਦਾ ਮਾਮਲਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਦੇਸ਼ ਤੇ ਸੂਬੇ ਅੰਦਰ ਲੋਕਾਂ ਨੂੰ ਨਿਆਂ ਦੇਣ ਲਈ ਅਦਾਲਤਾਂ ਹਨ ਤਾਂ ਫਿਰ ਸਜ਼ਾ ਵੀ ਅਦਾਲਤ ਨੂੰ ਹੀ ਦੇਣੀ ਚਾਹੀਦੀ ਹੈ ਅਤੇ ਮੁਕਾਬਲਿਆਂ ਵਿੱਚ ਕਿਸੇ ਨੂੰ ਸਜ਼ਾ ਦੇਣਾ ਗ਼ਲਤ ਹੈ।