ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 19 ਨਵੰਬਰ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦਾ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਵਾਗਤ ਕੀਤਾ ਗਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਦੇਸ਼ ਵਿੱਚ ਆਖਿਆ ਕਿ ਇਹ ਖੇਤੀ ਕਾਨੂੰਨ ਵਾਪਸ ਲੈਣ ਨਾਲ ਉਨ੍ਹਾਂ ਦੀ ਇਕ ਵੱਡੀ ਚਿੰਤਾ ਖ਼ਤਮ ਹੋਈ ਹੈ ਕਿਉਂਕਿ ਇਸ ਦੇ ਓਹਲੇ ਕੁਝ ਤਾਕਤਾਂ ਆਪਸੀ ਭਾਈਚਾਰਕ ਸਾਂਝ ਨੂੰ ਖੋਰਾ ਲਾਉਣ ਦਾ ਯਤਨ ਕਰ ਰਹੀਆਂ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਸੰਘਰਸ਼ ਵਿੱਚ ਕਈ ਕੀਮਤੀ ਜਾਨਾਂ ਗਈਆਂ ਹਨ ਅਤੇ ਕਿਸਾਨਾਂ ਨੂੰ ਤਸ਼ੱਦਦ ਵੀ ਝੱਲਣਾ ਪਿਆ ਹੈ। ਇਸ ਲਈ ਕੌਣ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਭਾਈਚਾਰਾ ਸ਼ੁਰੂ ਤੋਂ ਹੀ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਸੀ। ਉਨ੍ਹਾਂ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨ ਇਸ ਫੈਸਲੇ ਨਾਲ ਆਪਣੇ ਘਰਾਂ ਨੂੰ ਪਰਤ ਸਕਣਗੇ।
ਇਸ ਦੌਰਾਨ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਸਤਾਰਾਂ ਮੈਂਬਰੀ ਵਫ਼ਦ ਗੁਰਦੁਆਰਾ ਕਰਤਾਰਪੁਰ ਲਾਂਘੇ ਰਾਹੀਂ ਰਵਾਨਾ ਹੋ ਗਿਆ। ਉਨ੍ਹਾਂ ਦੇ ਨਾਲ ਸਾਬਕਾ ਅਕਾਲੀ ਮੰਤਰੀ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਦੋ ਰਾਗੀ ਜਥੇ ਗਏ ਹਨ। ਉਹ ਆਪਣੇ ਨਾਲ ਲੰਗਰ ਲਈ ਰਸਦ, ਧਾਰਮਿਕ ਸਾਹਿਤ ਅਤੇ ਹੋਰ ਸਾਮਾਨ ਲੈ ਕੇ ਗਏ ਹਨ, ਜੋ ਗੁਰਦੁਆਰਾ ਕਰਤਾਰਪੁਰ ਵਿਖੇ ਭੇਟ ਕੀਤਾ ਜਾਵੇਗਾ।