ਮਨੋਜ ਸ਼ਰਮਾ
ਬਠਿੰਡਾ, 9 ਮਈ
ਇੱਥੇ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਪੈਰਾਂ ਸਿਰ ਕਰਨ ਲਈ ਮਦਦ ਕਰਨ ਦੇ ਦੋਸ਼ ਲਾਏ ਹਨ। ਪ੍ਰੈੱਸ ਕਲੱਬ ਬਠਿੰਡਾ ਵਿੱਚ ਯੂਨਾਈਟਿਡ ਅਕਾਲੀ ਦਲ, ਲੋਕ ਅਧਿਕਾਰ ਲਹਿਰ, ਕਿਰਤੀ ਅਕਾਲੀ ਦਲ ਅਤੇ ਸੁਤੰਤਰ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਬਠਿੰਡਾ, ਬਲਵਿੰਦਰ ਸਿੰਘ, ਬੂਟਾ ਸਿੰਘ ਰਣਸ਼ੀਂਹ ਅਤੇ ਪਰਮਜੀਤ ਸਿੰਘ ਸਹੌਲੀ ਨੇ ਅੱਜ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਵਿੱਚ ਜਾਨ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅਕਾਲ ਤਖਤ ਅਤੇ ਸ਼੍ਰੋਮਣੀ ਕਮੇਟੀ ਨੂੰ ਪੰਥ ਧ੍ਰੋਹੀਆਂ ਤੇ ਭ੍ਰਿਸ਼ਟ ਟੋਲਿਆਂ ਤੋਂ ਮੁਕਤ ਕਰਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਸਿੱਖਾਂ ਦੀਆਂ ਮਹਾਨ ਸੰਸਥਾਵਾਂ ਹਨ ਪਰ ਇਨ੍ਹਾਂ ਦੇ ਮੁਖੀਆਂ ਨੇ ਪੰਥ ਅਤੇ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਕਰਨ ਵਾਲੇ ਬਾਦਲ ਪਰਿਵਾਰ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੰਮ ਕੀਤਾ ਹੈ। ਆਗੂਆਂ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਫੂਲਾ ਸਿੰਘ ਤੋਂ ਪ੍ਰੇਰਨਾ ਲੈਣ ਅਤੇ ਪੰਥ ਦੇ ਦੋਖੀ ਬਾਦਲ ਪਰਿਵਾਰ ਨੂੰ ਰਾਜਨੀਤੀ ਤੋਂ ਲਾਂਭੇ ਹੋਣ ਦਾ ਹੁਕਮ ਜਾਰੀ ਕਰਨ ਅਤੇ ਪੰਥ ਨੂੰ ਇਕੱਠਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਸਲਿਆਂ, ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ 5 ਜੂਨ ਨੂੰ ਇੱਕ ਵੱਡਾ ਇਕੱਠ ਕਰਕੇ ਸਾਰੀਆਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਸੰਘਰਸ਼ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ।