ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਜੂਨ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਸਥਿਤ ਗੁਰਦੁਆਰਾ ਕਰਤੇ ਪ੍ਰਵਾਨ ’ਤੇ ਅੱਜ ਹੋਏ ਅਤਿਵਾਦੀ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ਵ ਵਿੱਚ ਵਸਦੇ ਸਿੱਖਾਂ ਨੂੰ ਆਪੋ-ਆਪਣੇ ਮੁਲਕ ਦੀਆਂ ਸਰਕਾਰਾਂ ਰਾਹੀਂ ਇਸ ਮਸਲੇ ਦੇ ਹੱਲ ਲਈ ਜ਼ੋਰ ਪਾਉਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ’ਚ ਰਹਿੰਦੇ ਘੱਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁੱਕਣ ਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ਼ ਕਰਨ। ਉਨ੍ਹਾਂ ਸੰਯੁਕਤ ਰਾਸ਼ਟਰ ਨੂੰ ਵੀ ਅਪੀਲ ਕੀਤੀ ਕਿ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇੇ। ਬਾਬਾ ਹਰਨਾਮ ਸਿੰਘ ਖਾਲਸਾ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਦਲ ਖਾਲਸਾ ਦੇ ਕੰਵਰਪਾਲ ਸਿੰਘ, ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਗੁਰਦੁਆਰੇ ’ਤੇ ਹਮਲੇ ਨੂੰ ਮੰਦਭਾਗਾ ਦੱਸਿਆ ਹੈ।