ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 27 ਜੁਲਾਈ
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਯੂਏਪੀਏ ਕਾਨੂੰਨ ਹੇਠ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਕਾਨੂੰਨੀ ਪੈਰਵੀ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਹੁਕਮ ਦਿੱਤੇ ਹਨ। ਉਨ੍ਹਾਂ ਇਸ ਮਾਮਲੇ ਦੀ ਨਿਆਂਇਕ ਜਾਂਚ ਕਰਵਾਏ ਜਾਣ ਦੀ ਵੀ ਮੰਗ ਕੀਤੀ ਹੈ। ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਅੱਜ ਜਥੇਦਾਰ ਨੂੰ ਇਸ ਸਬੰਧੀ ਪੱਤਰ ਸੌਂਪ ਕੇ ਸ਼੍ਰੋਮਣੀ ਕਮੇਟੀ ਨੂੰ ਸਿੱਖ ਨੌਜਵਾਨਾਂ ਦੀ ਬਾਂਹ ਫੜਨ ਦੇ ਆਦੇਸ਼ ਦੇਣ ਲਈ ਕਿਹਾ ਗਿਆ ਸੀ। ਸ੍ਰੀ ਖਹਿਰਾ ਨੇ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਹਜ਼ਾਰ ਰੁਪਏ ਦੀ ਮਾਸਿਕ ਮਦਦ ਵੀ ਦਿੱਤੀ ਜਾਵੇ। ਉਨ੍ਹਾਂ ਨਾਲ ਕੁਝ ਵਿਧਾਇਕ ਅਤੇ ਖੁਦਕੁਸ਼ੀ ਕਰਨ ਵਾਲੇ ਲਵਪ੍ਰੀਤ ਸਿੰਘ ਦੇ ਪਰਿਵਾਰ ਸਮੇਤ ਹੋਰ ਪਰਿਵਾਰ ਵੀ ਮੌਜੂਦ ਸਨ। ਇਨ੍ਹਾਂ ਪਰਿਵਾਰਾਂ ਨੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਹੱਥਾਂ ’ਚ ਫੜੀਆਂ ਹੋਈਆਂ ਸਨ।
ਬਾਅਦ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਸ਼੍ਰੋਮਣੀ ਕਮੇਟੀ ਕਰੇਗੀ। ਉਨ੍ਹਾਂ ਪੰਜਾਬ ਅਤੇ ਦਿੱਲੀ ਵਿਚੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਮਾਮਲਿਆਂ ਦੀ ਉੱਚ ਪੱਧਰੀ ਅਤੇ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰਾਂ ਨੂੰ ਆਖਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਜੇਲ੍ਹਾਂ ਵਿਚ ਬੰਦ ਸਿੱਖ ਨੌਜਵਾਨਾਂ, ਜਿਨ੍ਹਾਂ ਦੀਆਂ ਸਜ਼ਾਵਾਂ ਖਤਮ ਹੋ ਚੁੱਕੀਆਂ ਹਨ, ਨੂੰ ਰਿਹਾਅ ਕੀਤਾ ਜਾਵੇ ਅਤੇ ਵਿਦੇਸ਼ਾਂ ਵਿਚ ਬੈਠੇ ਸਿੱਖਾਂ ਖਿਲਾਫ਼ ਦਰਜ ਕੇਸ ਰੱਦ ਕੀਤੇ ਜਾਣ ਤਾਂ ਜੋ ਉਹ ਆਪਣੇ ਘਰਾਂ ਨੂੰ ਪਰਤ ਸਕਣ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ’ਚ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਖਹਿਰਾ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਯੂਏਪੀਏ ਕਾਨੂੰਨ ਤਹਿਤ ਸਿੱਖਾਂ ਅਤੇ ਖਾਸ ਕਰ ਕੇ ਦਲਿਤਾਂ ’ਤੇ ਜ਼ੁਲਮ ਕੀਤੇ ਜਾ ਰਹੇ ਹਨ। ਕੁਝ ਸਮੇਂ ਦੌਰਾਨ ਹੀ ਪੰਜਾਬ ਵਿਚ ਇਸ ਕਰੜੇ ਕਾਨੂੰਨ ਹੇਠ 16 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਅਜਿਹੇ ਕੁੱਲ 47 ਕੇਸ ਦਰਜ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਕੇਸਾਂ ਵਿਚ ਬੇਕਸੂਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਹ ਸਾਰੇ ਅਜਿਹੇ ਪਰਿਵਾਰ ਹਨ, ਜੋ ਆਪਣੇ ਹੱਕਾਂ ਲਈ ਕਾਨੂੰਨੀ ਲੜਾਈ ਵੀ ਨਹੀਂ ਲੜ ਸਕਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਸਾਰੇ ਮਾਮਲਿਆਂ ਦੇ ਅਧਿਐਨ ਤੋਂ ਸਾਬਤ ਹੋਇਆ ਹੈ ਕਿ ਖਾਲਿਸਤਾਨ ਦਾ ਹਊਆ ਖੜਾ ਕਰ ਕੇ ਪੁਲੀਸ ਆਪਣੀ ਗੁਆਚੀ ਸਾਖ ਨੂੰ ਬਹਾਲ ਕਰਨਾ ਚਾਹੁੰਦੀ ਹੈ ਅਤੇ ਉਹ ਯੂਏਪੀਏ ਕਾਲੇ ਕਾਨੂੰਨ ਦੀ ਮਦਦ ਲੈ ਰਹੀ ਹੈ। ਉਨ੍ਹਾਂ ਨਾਲ ਵਿਧਾਇਕ ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖਾਲਸਾ ਅਤੇ ਜਗਤਾਰ ਸਿੰਘ ਜੱਗਾ ਤੋਂ ਇਲਾਵਾ ਸਥਾਨਕ ਆਗੂ ਵੀ ਹਾਜ਼ਰ ਸਨ।
ਸ੍ਰੀ ਖਹਿਰਾ ਨਾਲ ਆਏ ਲਵਪ੍ਰੀਤ ਸਿੰਘ (22) ਦੀ ਮਾਂ ਅਤੇ ਭੈਣ ਨੇ ਮੀਡੀਆ ਨੂੰ ਦੱਸਿਆ ਕਿ ਲਵਪ੍ਰੀਤ ਨੂੰ ਐੱਨਆਈਏ ਨੇ 13 ਜੁਲਾਈ ਨੂੰ ਚੰਡੀਗੜ੍ਹ ’ਚ ਜਾਂਚ ਲਈ ਸੱਦਿਆ ਸੀ ਅਤੇ ਉਸ ਨੇ 13-14 ਜੁਲਾਈ ਦੀ ਰਾਤ ਨੂੰ ਗੁਰਦੁਆਰੇ ਦੇ ਕਮਰੇ ਵਿਚ ਫਾਹਾ ਲੈ ਲਿਆ। ਉਨ੍ਹਾਂ ਖਦਸ਼ਾ ਜ਼ਾਹਰ ਕੀਤਾ ਕਿ ਉਸ ਨੂੰ ਖੁਦਕੁਸ਼ੀ ਲਈ ਮਜਬੂਰ ਕੀਤਾ ਗਿਆ ਹੈ ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਦਿੱਲੀ ਵਾਸੀ ਸੰਦੀਪ ਕੌਰ ਨੇ ਦੱਸਿਆ ਕਿ ਉਸ ਦੇ ਭਰਾ ਮਹਿੰਦਰਪਾਲ ਨੂੰ ਦਿੱਲੀ ਪੁਲੀਸ ਨੇ ਚੁੱਕਿਆ ਸੀ। ਉਸ ਦਾ ਕੋਈ ਦੋਸ਼ ਨਹੀਂ ਸੀ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਾਈ ਜਾਵੇ। ਹੋਰ ਪਰਿਵਾਰਾਂ ਨੇ ਵੀ ਪੁਲੀਸ ਵਧੀਕੀਆਂ ਦੇ ਦੋਸ਼ ਲਾਉਂਦਿਆਂ ਸਾਰੇ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਮੰਗੀ ਹੈ।