ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਜਨਵਰੀ
ਨਿੱਤ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟਾਉਂਦਿਆਂ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੁਝ ਤਾਕਤਾਂ ਸਿੱਖਾਂ ਨੂੰ ਧਾਰਮਿਕ, ਸਿਆਸੀ, ਆਰਥਿਕ ਤੇ ਸਮਾਜਿਕ ਤੌਰ ’ਤੇ ਖਤਮ ਕਰਨ ਲਈ ਅਜਿਹੀਆਂ ਘਿਨੌਣੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀਆਂ ਹਨ। ਉਨ੍ਹਾਂ ਆਖਿਆ ਕਿ ਕੇਂਦਰ ਅਤੇ ਸੂਬਾ ਸਰਕਾਰ ਦਾ ਸਮੁੱਚਾ ਤੰਤਰ ਇਨ੍ਹਾਂ ਘਟਨਾਵਾਂ ਪਿੱਛੇ ਲੁਕੀਆਂ ਤਾਕਤਾਂ ਦਾ ਪਤਾ ਲਾਉਣ ਵਿਚ ਅਸਫ਼ਲ ਰਿਹਾ ਹੈ।
ਇਨ੍ਹਾਂ ਘਟਨਾਵਾਂ ਸਬੰਧੀ ਜਦੋਂ ਵੀ ਕੋਈ ਵਿਅਕਤੀ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਉਸ ਨੂੰ ਮੰਦਬੁੱਧੀ ਕਹਿ ਕੇ ਛੱਡ ਦਿੱਤਾ ਜਾਂਦਾ ਹੈ। ਵੱਡੇ-ਵੱਡੇ ਘਪਲਿਆਂ ਦੀ ਤਹਿ ਤੱਕ ਜਾਇਆ ਜਾਂਦਾ ਹੈ ਪਰ ਗੁਰੂ ਗ੍ਰੰਥ ਸਾਹਿਬ ਦੀ ਮਾਣ-ਮਰਿਆਦਾ ਨੂੰ ਢਾਹ ਲਾਉਣ ਵਾਲਿਆਂ ਦਾ ਖੁਰਾ-ਖੋਜ ਲੱਭਣ ਤੋਂ ਸਰਕਾਰੀ ਏਜੰਸੀਆਂ ਅਸਫ਼ਲ ਰਹੀਆਂ ਹਨ। ਇਸ ਤੋਂ ਲਗਦਾ ਹੈ ਕਿ ਜਾਣ-ਬੁੱਝ ਕੇ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚਾਉਣ ਵਾਸਤੇ ਅਤੇ ਸਿੱਖਾਂ ਨੂੰ ਧਾਰਮਿਕ, ਸਿਆਸੀ, ਆਰਥਿਕ ਤੇ ਸਮਾਜਿਕ ਤੌਰ ’ਤੇ ਖਤਮ ਕਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਘਟਨਾਵਾਂ ਪਿੱਛੇ ਲੁਕੀਆਂ ਤਾਕਤਾਂ ਦਾ ਚਿਹਰਾ ਬੇਨਕਾਬ ਕਰਨ। ਦੂਜੇ ਪਾਸੇ ਪਿੰਡ ਭਿੰਡੀ ਔਲਖ ਦੇ ਗੁਰਦੁਆਰੇ ਵਿਚ ਕਥਿਤ ਬੇਅਦਬੀ ਦੇ ਦੋਸ਼ ਹੇਠ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਵਿਅਕਤੀ ਖ਼ਿਲਾਫ਼ ਦਰਜ ਕੇਸ ਵਿਚ ਹੁਣ ਆਈਪੀਸੀ ਦੀ ਧਾਰਾ 295 ਏ ਦਾ ਵੀ ਵਾਧਾ ਕਰ ਦਿੱਤਾ ਗਿਆ ਹੈ। ਪਹਿਲਾਂ ਉਸ ਖ਼ਿਲਾਫ਼ ਸਿਰਫ ਚੋਰੀ ਦਾ ਕੇਸ ਦਰਜ ਕੀਤਾ ਗਿਆ ਸੀ।
ਭਿੰਡੀ ਔਲਖ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਲੰਘੇ ਦਿਨ ਭਿੰਡੀ ਔਲਖ ਵਿਚ ਫੜੇ ਗਏ ਇਕ ਵਿਅਕਤੀ ਵੱਲੋਂ ਉਸ ਨੂੰ ਪੈਸਿਆਂ ਦਾ ਲਾਲਚ ਦੇ ਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਇਕਬਾਲ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ। ਇਸ ਦੀ ਨਿਰਪੱਖ ਤੌਰ ’ਤੇ ਜਾਂਚ ਕੀਤੀ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਚਿੰਤਾਜਨਕ ਹਨ ਅਤੇ ਪੁਲੀਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਅਜਿਹੇ ਫੜੇ ਗਏ ਵਿਅਕਤੀਆਂ ਤੋਂ ਸਖ਼ਤੀ ਨਾਲ ਪੁੱਛ ਪੜਤਾਲ ਕਰੇ। ਭਿੰਡੀ ਔਲਖ ਪਿੰਡ ਵਿਚ ਫੜਿਆ ਗਿਆ ਵਿਅਕਤੀ ਖੁਦ ਇਕਬਾਲ ਕਰ ਰਿਹਾ ਹੈ ਕਿ ਉਸ ਨੂੰ ਇਕ ਲੱਖ ਰੁਪਏ ਬੇਅਦਬੀ ਦੇ ਬਦਲੇ ਵਿਚ ਮਿਲਣੇ ਸਨ। ਇਹ ਡੂੰਘੀ ਜਾਂਚ ਦਾ ਵਿਸ਼ਾ ਹੈ, ਜਿਸ ਵਿਚ ਅਣਗਹਿਲੀ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇ ਇਹ ਗੱਲ ਸੱਚ ਹੈ ਤਾਂ ਉਹ ਲੋਕ ਸਾਹਮਣੇ ਆਉਣੇ ਚਾਹੀਦੇ ਹਨ, ਜਿਨ੍ਹਾਂ ਨੇ ਇਸ ਵਿਅਕਤੀ ਨੂੰ ਪੈਸੇ ਦੇਣ ਦੀ ਪੇਸ਼ਕਸ਼ ਕੀਤੀ ਸੀ।