ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਥੇਦਾਰ ਨੇ ਸੌਂਦ ਤੇ ਡਾਇਰੈਕਟਰ ਕੋਲੋਂ ਸਪਸ਼ਟੀਕਰਨ ਮੰਗਿਆ

ਭਾਈ ਜੀਵਨ ਸਿੰਘ ਯਾਦਗਾਰ ਅਾਨੰਦਪੁਰ ਸਾਹਿਬ ਵਿੱਚ ਮਰਿਆਦਾ ਦੀ ਉਲੰਘਣਾ ਦਾ ਦੋਸ਼
Advertisement

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਹੋਰ ਸਿੱਖਾਂ ਦੇ ਮਨਾਏ ਜਾ ਰਹੇ ਸ਼ਹੀਦੀ ਦਿਵਸ ਸਮਾਗਮਾਂ ਦੌਰਾਨ ਪੰਜਾਬ ਸਰਕਾਰ ਮੁੜ ਧਾਰਮਿਕ ਮਰਿਆਦਾ ਦੀ ਕਥਿਤ ਉਲੰਘਣਾ ਦੇ ਮਾਮਲੇ ਵਿੱਚ ਘਿਰ ਗਈ ਹੈ। ਇਸ ਸਬੰਧੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਇਸੇ ਵਿਭਾਗ ਦੇ ਡਾਇਰੈਕਟਰ ਕੋੋਲੋਂ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ, ਸ੍ਰੀ ਆਨੰਦਪੁਰ ਸਾਹਿਬ ਵਿਖੇ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਮਰਿਆਦਾ ਵਿਰੁੱਧ ਪੇਸ਼ਕਾਰੀ ਕਰਨ ਦੇ ਦੋਸ਼ ਹੇਠ ਸਪਸ਼ਟੀਕਰਨ ਮੰਗਿਆ ਗਿਆ। ਮੰਤਰੀ ਨੂੰ ਆਪਣਾ ਸਪਸ਼ਟੀਕਰਨ ਹਫ਼ਤੇ ਦੇ ਅੰਦਰ-ਅੰਦਰ ਅਕਾਲ ਤਖ਼ਤ ਵਿੱਚ ਨਿੱਜੀ ਰੂਪ ਵਿੱਚ ਪਹੁੰਚਾਉਣ ਲਈ ਆਖਿਆ ਗਿਆ ਹੈ, ਜਦਕਿ ਵਿਭਾਗ ਦੇ ਡਾਇਰੈਕਟਰ ਨੂੰ ਲਿਖਤੀ ਰੂਪ ਵਿੱਚ ਸਪਸ਼ਟੀਕਰਨ ਭੇਜਣ ਦੇ ਆਦੇਸ਼ ਕੀਤੇ ਗਏ ਹਨ। ਇਸ ਸਬੰਧ ਵਿੱਚ ਅਕਾਲ ਤਖ਼ਤ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਕੈਬਨਿਟ ਮੰਤਰੀ ਅਤੇ ਵਿਭਾਗ ਦੇ ਡਾਇਰੈਕਟਰ ਨੂੰ ਦੋ ਵੱਖ-ਵੱਖ ਪੱਤਰ ਭੇਜੇ ਗਏ ਹਨ। ਇਨ੍ਹਾਂ ਵਿੱਚ ਆਖਿਆ ਗਿਆ ਹੈ ਕਿ ਇਸ ਸਬੰਧ ਵਿੱਚ ਅਕਾਲ ਤਖ਼ਤ ’ਤੇ ਕਈ ਸ਼ਿਕਾਇਤਾਂ ਪੁੱਜੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਮਰਿਆਦਾ ਦੀ ਉਲੰਘਣਾ ਦੇ ਦੋਸ਼ ਲਾਏ ਹਨ। ਪੱਤਰਾਂ ਵਿੱਚ ਭਾਈ ਜੈਤਾ ਜੀ ਯਾਦਗਾਰ ਵਿੱਚ ਅੰਮ੍ਰਿਤ ਸੰਚਾਰ ਸਬੰਧੀ ਬਣਾਈਆਂ ਤਸਵੀਰਾਂ ਬਾਰੇ ਇਤਰਾਜ਼ ਪ੍ਰਗਟ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਗੁਰੂ ਗੋਬਿੰਦ ਸਿੰਘ ਨੂੰ ਪੰਜ ਪਿਆਰਿਆਂ ਨੂੰ ਅੰਮ੍ਰਿਤ ਸੰਚਾਰ ਕਰਵਾਉਣ ਵੇਲੇ ਜੋੜੇ ਪਹਿਨੇ ਦਿਖਾਇਆ ਗਿਆ ਹੈ। ਇਨ੍ਹਾਂ ਤਸਵੀਰਾਂ ਵਿੱਚ ਹੋਰ ਵੀ ਕਈ ਖਾਮੀਆਂ ਦੱਸੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਨੂੰ ਅੰਮ੍ਰਿਤ ਸੰਚਾਰ ਦੀ ਮਰਿਆਦਾ ਦੇ ਉਲਟ ਆਖਿਆ ਗਿਆ ਹੈ। ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਵੀ ਅਕਾਲ ਤਖ਼ਤ ਵਿਚ ਤਲਬ ਕੀਤਾ ਗਿਆ ਸੀ। ਉਨ੍ਹਾਂ ਖ਼ਿਲਾਫ਼ ਸ਼ਤਾਬਦੀ ਸਬੰਧੀ ਸ੍ਰੀਨਗਰ ਵਿੱਚ ਕਰਵਾਏ ਗਏ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾ ਦਾ ਦੋਸ਼ ਲਾਇਆ ਗਿਆ ਸੀ।

Advertisement
Advertisement
Show comments