ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਿੱਖਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਰੱਖਣ ਲਈ ਕਹਿਣ ਦੀ ਬਜਾਏ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣ ਦੀ ਅਪੀਲ ਕੀਤੀ। ਸ੍ਰੀ ਮਾਨ ਨੇ ਕਿਹਾ ਕਿ ਅਸੀਂ ਇਕ ਸੱਭਿਅਕ ਸਮਾਜ ਵਿੱਚ ਰਹਿ ਰਹੇ ਹਾਂ, ਜਿੱਥੇ ਦੇਸ਼ ਦਾ ਸਾਸ਼ਨ ਕਾਨੂੰਨ ਦੇ ਰਾਜ ਨਾਲ ਚੱਲਦਾ ਹੈ। ਅਜਿਹੇ ਸੁਹਿਰਦ ਅਤੇ ਸਦਭਾਵਨਾ ਵਾਲੇ ਸਮਾਜ ਵਿੱਚ ਹਥਿਆਰਾਂ ਦੀ ਕੋਈ ਥਾਂ ਨਹੀਂ ਹੁੰਦੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਗੁਰਬਾਣੀ ਦੇ ਸੰਦੇਸ਼ ਨੂੰ ਫੈਲਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ, ਜਿਸ ਵਿੱਚ ‘ਸਰਬੱਤ ਦਾ ਭਲਾ’ ਦੀ ਕਲਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨੂੰ ਚਾਹੀਦਾ ਹੈ ਕਿ ਉਹ ਸਰਬੱਤ ਦੇ ਭਲੇ ਦੇ ਇਸ ਇਲਾਹੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਵੱਲ ਧਿਆਨ ਦੇਣ। ਸ੍ਰੀ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸਿੱਖਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਲੈਣ ਲਈ ਕਹਿਣ ਦੀ ਬਜਾਏ ਇਸ ਨੇਕ ਕਾਰਜ ਵੱਲ ਧਿਆਨ ਦੇਣ। ਸ੍ਰੀ ਮਾਨ ਨੇ ਕਿਹਾ ਕਿ ਸੂਬੇ ਦੀ ਅਮਨ ਸ਼ਾਂਤੀ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਣਾ ਸਮੇਂ ਦੀ ਲੋੜ ਹੈ। ਵਿਰੋਧੀ ਤਾਕਤਾਂ ਪਹਿਲਾਂ ਹੀ ਸੂਬੇ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਅਤੇ ਹਰ ਘਰ ਵਿੱਚ ਹਥਿਆਰ ਹੋ ਜਾਣ ਨਾਲ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਗੰਭੀਰ ਚੁਣੌਤੀ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।