ਭਾਰਤ ਭੂਸ਼ਨ ਆਜ਼ਾਦ
ਕੋਟਕਪੂਰਾ, 23 ਮਈ
ਕਾਂਗਰਸ ਦੇ ਸੂਬਾ ਪ੍ਰਧਾਨ ਬਣਨ ਮਗਰੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਪਹਿਲੀ ਵਾਰ ਵਿਧਾਨ ਸਭਾ ਹਲਕਾ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ਵਿੱਚ ਪਾਰਟੀ ਵਰਕਰਾਂ ਨਾਲ ਰੂਬਰੂ ਹੋਏ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਆ। ਮੀਟਿੰਗ ਦੌਰਾਨ ਉਨ੍ਹਾਂ ਪਾਰਟੀ ਦੇ ਨਵੇਂ ਪ੍ਰੋਗਰਾਮ ਦਾ ਐਲਾਨ ਕਰਦਿਆਂ ਕਿਹਾ ਕਿ ਹੁਣ ਪਾਰਟੀ ਵਿੱਚ ਵਰਕਰਾਂ ਦੀ ਕਦਰ ਹੋਵੇਗੀ ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਬਿਨਾ ਭੇਦ-ਭਾਵ ਅੱਗੇ ਲਿਆਂਦਾ ਜਾਵੇਗਾ। ਇਸ ਤੋਂ ਪਹਿਲਾਂ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਵੜਿੰਗ ਨੇ ਕਿਹਾ ਕਿ ਉਹ ਹੁਣ ਲੋਕਾਂ ਵਿੱਚ ਮੁਆਫ਼ੀ ਮੰਗਣ ਆਏ ਹਨ ਕਿਉਂਕਿ ਆਪਣੀਆਂ ਗ਼ਲਤੀਆਂ ਕਰਕੇ ਹੀ ਪਾਰਟੀ ਹਾਰੀ ਹੈ। ਵੜਿੰਗ ਨੇ ਕਿਹਾ ਕਿ ਪਾਰਟੀ ਵਿੱਚ ਵੀਹ ਬੰਦੇ ਸਨ ਤੇ ਸਾਰੇ ਹੀ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ। ਇਸ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਵੜਿੰਗ ਨੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਜਥੇਦਾਰ ਸਾਹਿਬ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਪੰਜਾਬ ਵਿੱਚ ਸਿੱਖਾਂ ਨੂੰ ਕੀ ਖਤਰਾ ਹੈ, ਜੋ ਉਨ੍ਹਾਂ ਨੂੰ ਹਥਿਆਰ ਰੱਖਣੇ ਪੈਣ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਸਾਜ਼ਿਸ਼ ਤਹਿਤ ਦਿਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਇੰਨੇ ਉੱਚੇ ਅਹੁਦੇ ’ਤੇ ਬੈਠ ਕੇ ਅਜਿਹਾ ਬਿਆਨ ਦੇਣਾ ਸ਼ੋਭਾ ਨਹੀਂ ਦਿੰਦਾ। ਵੜਿੰਗ ਨੇ ਕਿਹਾ ਕਿ ਸਿੱਖਾਂ ਤੇ ਹਿੰਦੂਆਂ ਨੂੰ ਹਥਿਆਰ ਰੱਖਣ ਦੀਆਂ ਗੱਲਾਂ ਕਰਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।