ਨਿੱਜੀ ਪੱਤਰ ਪ੍ਰੇਰਕ
ਮੋਗਾ, 30 ਮਈ
ਸ਼੍ਰੋਮਣੀ ਅਕਾਲੀ ਦਲ ਦੇ ਥੰਮ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨਮਿੱਤ ਹੋਈ ਅੰਤਿਮ ਅਰਦਾਸ ਵਿੱਚ ਅੱਜ ਪੰਜਾਬ ਤੇ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸ਼ਖ਼ਸੀਅਤਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸਿਆਸੀ ਆਗੂਆਂ ਦੇ ਨਾਲ ਨਾਲ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਪਰਦਾਵਾਂ ਤੇ ਸਮਾਜ ਦੇ ਵੱਖ-ਵੱਖ ਖੇਤਰਾਂ ਤੋਂ ਲੋਕ ਪਹੁੰਚੇ ਹੋਏ ਸਨ।
ਇਸ ਮੌਕੇ ਜਥੇਦਾਰ ਤੋਤਾ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਜ਼ਮੀਨ ਨਾਲ ਜੁੜੇ ਹੋਏ ਸੂਝਵਾਨ ਆਗੂ ਸਨ। ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਦੇ ਵਿਛੋੜੇ ਨਾਲ ਪਾਰਟੀ ਨੂੰ ਨਾ-ਪੂਰਨਯੋਗ ਘਾਟਾ ਪਿਆ ਹੈ। ਸ੍ਰੀ ਬਾਦਲ ਨੇ ਕਿਹਾ ਕਿ ਜਥੇਦਾਰ ਦੀ ਪੰਥ ਤੇ ਪੰਜਾਬ ਨਾਲ ਜੋ ਵਫਾਦਾਰੀ ਸੀ, ਉਹ ਵਿਰਲੀ ਹੀ ਕਿਸੇ ਵਿੱਚ ਵੇਖਣ ਨੂੰ ਮਿਲਦੀ ਹੈ।
ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਵੀ ਬਹੁਤ ਮਿਹਨਤੀ ਹਨ ਤੇ ਹਮੇਸ਼ਾ ਪੂਰੀ ਲਗਨ ਤੇ ਸੇਵਾ ਭਾਵਨਾ ਨਾਲ ਕੰਮ ਕਰਦੇ ਹਨ। ਸ੍ਰੀ ਬਾਦਲ ਨੇ ਪਾਰਟੀ ਵੱਲੋਂ ਮੱਖਣ ਬਰਾੜ ਨੂੰ ਦਸਤਾਰ ਭੇਟ ਕਰਦਿਆਂ ਸਮੁੱਚੀ ਪਾਰਟੀ ਤੇ ਪਰਿਵਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਤੋਂ ਆਈ ਸੰਗਤ ਦਾ ਧੰਨਵਾਦ ਕੀਤਾ। ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਵੀ ਆਈ ਸੰਗਤ ਦਾ ਧੰਨਵਾਦ ਕੀਤਾ।
ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਜਗਮੀਤ ਸਿੰਘ ਬਰਾੜ, ਸੁੱਚਾ ਸਿੰਘ ਛੋਟੇਪੁਰ, ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਯਾਲੀ, ਤੀਰਥ ਸਿੰਘ ਮਾਹਲਾ, ਦਰਸ਼ਨ ਸਿੰਘ ਸ਼ਿਵਾਲਿਕ, ਮਨਤਾਰ ਸਿੰਘ ਬਰਾੜ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਸਣੇ ਹੋਰ ਕਈ ਵੱਡੀਆਂ ਹਸਤੀਆਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।