ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 27 ਅਗਸਤ
ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਚਨਾਰਥਲ ਖੁਰਦ ਦੇ ਕੁਸ਼ਤੀ ਦੰਗਲ ਮੁਕਾਬਲੇ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਮੁਹਿੰਮ ਤਹਿਤ ਪੰਜਾਬ ਨੂੰ ਖੇਡਾਂ ਪੱਖੋਂ ਖ਼ੁਸ਼ਹਾਲ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਉਹ ਵੱਧ ਚੜ੍ਹ ਕੇ ਖੇਡਾਂ ਵਿਚ ਭਾਗ ਲੈਣ ਕਿਉਂਕਿ ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਉੱਥੇ ਮਾਨਸਿਕ ਤਣਾਅ ਨੂੰ ਵੀ ਘਟਾਉਂਦੀਆਂ ਹਨ। ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾ ਸਦਕਾ ਹਲਕੇ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ ਨੌਜਵਾਨਾਂ ਦਾ ਮਿਆਰ ਉੱਚਾ ਚੁੱਕਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ, ਵਿਧਾਇਕ ਲਖਵੀਰ ਸਿੰਘ ਰਾਏ ਅਤੇ ਖੰਨਾ ਹਲਕਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੂੰ ਸਨਮਾਨਿਤ ਕੀਤਾ ਗਿਆ।
ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਦਾ ਦੌਰਾ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਇੱਥੇ ਸਿਵਲ ਹਸਪਤਾਲ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ 10 ਦਿਨਾਂ ਵਿਚ 50 ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਓਪੀਡੀ ਕੀਤੀ ਜਾ ਚੁੱਕੀ ਹੈ ਅਤੇ 5 ਹਜ਼ਾਰ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਗਏ ਹਨ। ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਆਯੂਸ਼ਮਾਨ ਭਾਰਤ ਦੇ ਫੰਡਾਂ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ। ਉਨ੍ਹਾਂ ਕਲੀਨਿਕਾਂ ਲਈ ਡਾਕਟਰਾ ਦੀ ਘਾਟ ਨਾ ਆਉਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਅਮਲੋਹ ਦੇ ਸਮਾਜ ਸੇਵੀ ਸੁਖਵਿੰਦਰ ਸਿੰਘ ਸੁੱਖੀ ਨੇ ਹਸਪਤਾਲ ਲਈ 4 ਏਸੀ ਦਾਨ ਕੀਤੇ, ਜਿਸ ਦੀ ਸ੍ਰੀ ਜੌੜੇਮਾਜਰਾ ਨੇ ਸ਼ਲਾਘਾ ਕੀਤੀ।