ਪਰਮਜੀਤ ਸਿੰਘ
ਫਾਜ਼ਿਲਕਾ, 14 ਜੂਨ
ਇੱਥੋਂ ਨੇੜਲੇ ਪਿੰਡ ਆਜਮਵਾਲਾ ਵਿੱਚ ਅੱਜ ਕਿਸਾਨ ਜਥੇਬੰਦੀਆਂ ਨੇ ਮਿਲ ਕੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ’ਤੇ ਇੱਕ ਕਿਸਾਨ ਦੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਦੋਸ਼ ਲਾਉਂਦਿਆਂ ਟਰੈਕਟਰ ਨਾਲ ਖੇਤ ਵਾਹੁਣ ਆਏ ਉਸ ਦੇ ਡਰਾਈਵਰ ਨੂੰ ਘੇਰ ਲਿਆ। ਕਿਸਾਨਾਂ ਨੇ ਜਿਆਣੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪੀੜਤ ਕਿਸਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਕਰੀਬ 1975 ਤੋਂ 14 ਕਿੱਲੇ (111 ਕਨਾਲ) ਜ਼ਮੀਨ ਦੇ ਮਾਲਕ ਸਨ ਪਰ ਸੁਰਜੀਤ ਕੁਮਾਰ ਜਿਆਣੀ ਨੇ ਮੰਤਰੀ ਬਣਨ ਮਗਰੋਂ ਸਾਲ 2016 ਵਿੱਚ ਜਾਅਲੀ ਕਾਗਜ਼ਾਤ ਤਿਆਰ ਕਰਕੇ ਉਨ੍ਹਾਂ ਦੀ ਜ਼ਮੀਨ ਧੋਖੇ ਨਾਲ ਆਪਣੇ ਨਾਂ ਕਰਵਾ ਲਈ ਸੀ। ਸੁਰਜੀਤ ਸਿੰਘ ਨੇ ਦੱਸਿਆ ਕਿ ਮੰਤਰੀ ਅਤੇ ਪੁਲੀਸ ਦੀ ਮਿਲੀਭੁਗਤ ਕਰਕੇ ਮਾਲਕੀ ਹੋਣ ਦੇ ਬਾਵਜੂਦ ਉਹ ਆਪਣੀ ਜ਼ਮੀਨ ਵਿੱਚ ਨਹੀਂ ਵੜ ਸਕਦੇ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਜ਼ਮੀਨ ਸਬੰਧੀ ਵਿਵਾਦ ਕਾਫ਼ੀ ਪੁਰਾਣਾ ਹੈ ਅਤੇ ਕਿਸੇ ਵੀ ਕੀਮਤ ’ਤੇ ਕਿਸਾਨ ਦੀ ਜ਼ਮੀਨ ’ਤੇ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ।
ਝੰਡੇ ਦੀ ਆੜ ਹੇਠ ਧੌਂਸ ਜਮਾ ਰਹੇ ਹਨ ਕਿਸਾਨ: ਜਿਆਣੀ
ਕਿਸਾਨ ਸੁਰਜੀਤ ਸਿੰਘ ਤੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਨਕਾਰਦਿਆਂ ਸਾਬਕਾ ਭਾਜਪਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਇਹ ਜ਼ਮੀਨ ਉਨ੍ਹਾਂ ਦੀ ਨਹੀਂ, ਸਗੋਂ ਉਨ੍ਹਾਂ ਦੀ ਰਿਸ਼ਤੇਦਾਰੀ ਵਿੱਚੋਂ ਲੱਗਦੇ ਸਾਂਢੂ ਦੀ ਹੈ, ਜੋ ਪਿਛਲੇ ਦਸ ਸਾਲਾਂ ਤੋਂ ਇਸ ਜ਼ਮੀਨ ’ਤੇ ਖੇਤੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਝੰਡੇ ਦੀ ਆੜ ਹੇਠ ਆਪਣੀ ਧੌਂਸ ਜਮਾ ਰਹੇ ਹਨ।