ਬਿਨਾਂ ਰਿਸ਼ਵਤ ਤੇ ਸਿਫਾਰਸ਼ ਨੌਕਰੀਆਂ ਦਿੱਤੀਆਂ: Bhagwant Mann
ਮੁੱਖ ਮੰਤਰੀ ਨੇ ਪੁਲੀਸ ’ਚ ਭਰਤੀ 1,746 ੳੁਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲੀਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੋ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ ’ਤੇ ਰੁਜ਼ਗਾਰ ਦੇਣ ਅਤੇ ਪੁਲੀਸ ਫੋਰਸ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਹੋਰ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੁਲੀਸ ਫੋਰਸ ਵਿੱਚ 13,092 ਜਵਾਨ ਸ਼ਾਮਲ ਕੀਤੇ ਗਏ ਹਨ ਅਤੇ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਨਾਲ ਹੀ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਦੇ ਆਧਾਰ ਉੱਤੇ ਹੁਣ ਤੱਕ 70,840 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਪੀ ਏ ਪੀ ਗਰਾਊਂਡ ਫਿਲੌਰ ਵਿਖੇ 1,746 ਨਵੇਂ ਭਰਤੀ ਹੋਏ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਨਵੇਂ ਰੰਗਰੂਟਾਂ ਨੂੰ ਪੰਜਾਬ ਪੁਲੀਸ ਦੇ ਪਰਿਵਾਰ ਦਾ ਅਨਿੱਖੜਵਾਂ ਅੰਗ ਬਣਨ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਮਰਪਣ, ਪੇਸ਼ੇਵਰ ਅਤੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਤਨਖਾਹਾਂ ਦੇਣ ’ਤੇ ਮਾਣ ਹੈ, ਜੋ ਸੂਬਾ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ। ਸਰਕਾਰ ਨੇ ਹੁਣ ਤੱਕ 70,840 ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਹਨ, ਜਿਸ ਵਿੱਚ ਪੂਰੀ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ, ਭ੍ਰਿਸ਼ਟਾਚਾਰ ਅਤੇ ਸਿਫ਼ਾਰਸ਼ ਤੋਂ ਮੁਕਤ ਹੈ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਮੁੱਖ ਸਕੱਤਰ ਕੇ ਏ ਪੀ ਸਿਨਹਾ, ਡੀ ਜੀ ਪੀ ਗੌਰਵ ਯਾਦਵ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

