ਪੱਤਰ ਪ੍ਰੇਰਕ
ਚੰਡੀਗੜ੍ਹ, 24 ਜੁਲਾਈ
ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਨੇ ਸੂਬੇ ਵਿਚਲੀ ਕੈਪਟਨ ਸਰਕਾਰ ਦੀ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਮੰਗਾਂ ਨੂੰ ਵਿਸਾਰਨ ਦੀ ਨੀਤੀ ਤੋਂ ਪ੍ਰੇਸ਼ਾਨ ਹੋ ਕੇ ਸਰਕਾਰ ਖ਼ਿਲਾਫ਼ ‘ਹੱਲਾ ਬੋਲ ਮਹਾ ਰੈਲੀ’ ਕਰਨ ਦਾ ਐਲਾਨ ਕਰ ਦਿੱਤਾ ਹੈ।
ਫ਼ਰੰਟ ਦੇ ਸੂਬਾਈ ਕਨਵੀਨਰਾਂ ਸੁਖਚੈਨ ਸਿੰਘ ਖਹਿਰਾ, ਸਤੀਸ਼ ਰਾਣਾ, ਜਗਦੀਸ਼ ਸਿੰਘ ਚਾਹਲ, ਮੇਘ ਸਿੰਘ ਸਿੱਧੂ, ਜਰਮਨਜੀਤ ਸਿੰਘ ਆਦਿ ਨੇ ਦੱਸਿਆ ਕਿ 29 ਜੁਲਾਈ ਨੂੰ ਸਵੇਰੇ 11 ਵਜੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿੱਚ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਨੇੜੇ ਪੁੱਡਾ ਮੈਦਾਨ ਵਿੱਚ 50 ਹਜ਼ਾਰ ਤੋਂ ਵੱਧ ਮੁਲਾਜ਼ਮਾਂ/ਪੈਨਸ਼ਨਰਾਂ ਵੱਲੋਂ ‘ਹੱਲਾ ਬੋਲ ਮਹਾ ਰੈਲੀ’ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਮੁਲਾਜ਼ਮ ਰੈਲੀ ਵਿੱਚ ਸ਼ਾਮਲ ਹੋਣ ਲਈ ਉਹ ਸਮੂਹਿਕ ਛੁੱਟੀ ਲੈਣਗੇ। ਉਨ੍ਹਾਂ ਦੱਸਿਆ ਕਿ ਰੈਲੀ ਉਪਰੰਤ ਮੁੱਖ ਮੰਤਰੀ ਦੇ ਮੋਤੀ ਮਹਿਲ ਵੱਲ ਪੈਦਲ ਰੋਸ ਮਾਰਚ ਕੀਤਾ ਜਾਵੇਗਾ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 29 ਜੁਲਾਈ ਨੂੰ ਪਟਿਆਲਾ ਚੱਲੋ ਮੁਹਿੰਮ ਚਲਾ ਕੇ ਮੁਲਾਜ਼ਮਾਂ/ਪੈਨਸ਼ਨਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।