ਸਾਂਝੇ ਮਜ਼ਦੂਰ ਮੋਰਚੇ ਵੱਲੋਂ ਕਨਵੈਨਸ਼ਨਾਂ ਦੀ ਤਿਆਰੀ ਦਾ ਜਾਇਜ਼ਾ
ਹਤਿੰਦਰ ਮਹਿਤਾ
ਜਲੰਧਰ, 6 ਜੁਲਾਈ
ਇੱਥੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਦਫ਼ਤਰ ਵਿੱਚ ਅੱਜ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਗੁਲਜ਼ਾਰ ਗੋਰੀਆ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪਹਿਲਾਂ ਹੀ ਐਲਾਨੀਆਂ ਗਈਆਂ ਦੋ ਸੂਬਾਈ ਕਨਵੈਨਸ਼ਨਾਂ ਦੀ ਤਿਆਰੀ ਦਾ ਜਾਇਜ਼ਾ ਲੈਣ ਉਪਰੰਤ ਤਸੱਲੀ ਪ੍ਰਗਟ ਕੀਤੀ ਗਈ। ਸਾਂਝੇ ਮੋਰਚੇ ਦੇ ਆਗੂਆਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਸਕੱਤਰ ਗੁਰਨਾਮ ਸਿੰਘ ਦਾਊਦ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਗੁਰਮੇਸ਼ ਸਿੰਘ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਮਹਿੰਗਾਈ ਅਤੇ ਰੁਜ਼ਗਾਰ ਦੀ ਥੁੜ੍ਹ ਕਾਰਨ ਬੇਜ਼ਮੀਨੇ ਮਜ਼ਦੂਰਾਂ ਨੂੰ ਦੋ ਡੰਗ ਦਾ ਚੁੱਲ੍ਹਾ ਤਪਾਉਣ ਅਤੇ ਹੋਰ ਸਮਾਜਿਕ ਲੋੜਾਂ ਪੂਰੀਆਂ ਕਰਨ ਲਈ ਭਾਰੀ ਵਿਆਜ਼ ’ਤੇ ਕਰਜ਼ੇ ਚੁੱਕਣੇ ਪੈ ਰਹੇ ਹਨ।
ਉਨ੍ਹਾਂ ਕਿਹਾ ਕਿ 20 ਜੁਲਾਈ ਨੂੰ ਸੰਗਰੂਰ ਦੀ ਥਾਂ ਬਠਿੰਡਾ ਦੇ ਟੀਚਰਜ਼ ਹੋਮ ਵਿੱਚ ਅਤੇ 22 ਜੁਲਾਈ ਨੂੰ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿੱਚ ਕੀਤੀਆਂ ਜਾ ਰਹੀਆਂ ਸੂਬਾਈ ਕਨਵੈਨਸ਼ਨਾਂ ਵਿੱਚ ਅਗਲੇ ਸੂਬਾ ਪੱਧਰੀ ਸਾਂਝੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਸਬੰਧੀ ਪਿੰਡਾਂ ਵਿੱਚ ਮੀਟਿੰਗਾਂ, ਰੈਲੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਮਤੇ ਰਾਹੀਂ ਸਾਂਝੇ ਮਜ਼ਦੂਰ ਮੋਰਚੇ ਵੱਲੋਂ 25 ਜੁਲਾਈ ਨੂੰ ਮਜ਼ਦੂਰ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸੰਗਰੂਰ ਵਿੱਚ ਕੀਤੀ ਜਾ ਰਹੀ ਸਰਕਾਰੀ ਜਬਰ ਵਿਰੋਧੀ ਰੈਲੀ ਦੇ ਸਮਰਥਨ ਦਾ ਐਲਾਨ ਕੀਤਾ ਗਿਆ। ਦੂਜੇ ਮਤੇ ਰਾਹੀਂ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ਦਾ ਵੀ ਐਲਾਨ ਕੀਤਾ ਗਿਆ। ਇਸ ਮੌਕੇ ਦਰਸ਼ਨ ਨਾਹਰ, ਬਲਦੇਵ ਨੂਰਪੁਰੀ, ਸੋਢੀ ਰਾਮ ਉੱਪਲਭੂੱਪਾ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।