ਇਥੇ ਨਾਬਾਲਗ ਲੜਕੀ ਦੇ ਕਤਲ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ, ਜਿਸ ਦਾ ਵੱਖ-ਵੱਖ ਸੰਗਠਨ ਵਿਰੋਧ ਕਰ ਰਹੇ ਹਨ। ਉਹ ਮੋਮਬੱਤੀ ਮਾਰਚ ਕੱਢ ਰਹੇ ਹਨ। ਟਾਈਗਰ ਫੋਰਸ ਦੇ ਮੁਖੀ ਜੱਸੀ ਤੱਲਣ ਨੇ ਜਲੰਧਰ ਪੁਲੀਸ ਕਮਿਸ਼ਨਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਸਾਰੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ।
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਬਾਲ ਕਮਿਸ਼ਨ ਦੇ ਚੇਅਰਮੈਨ ਕਵਰਦੀਪ ਸਿੰਘ ਨੇ ਪੀੜਤ ਦੇ ਘਰ ਜਾ ਕੇ ਪਰਿਵਾਰ ਨਾਲ ਗੱਲਬਾਤ ਕੀਤੀ। ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੁਪਹਿਰ ਨੂੰ ਜਲੰਧਰ ਪਹੁੰਚੇ। ਉਨ੍ਹਾਂ ਨੇ ਇਸ ਘਟਨਾ ਨੂੰ ਮਨੁੱਖਤਾ ਦਾ ਕਤਲ ਦੱਸਿਆ ਅਤੇ ਪੁਲੀਸ ਮੁਲਾਜ਼ਮਾਂ ’ਤੇ ਗੰਭੀਰ ਲਾਪ੍ਰਵਾਹੀ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਹੁਣ ਤੱਕ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਹੋ ਜਾਣੀ ਚਾਹੀਦੀ ਸੀ ਪਰ ਸਰਕਾਰ ਅਜਿਹਾ ਨਹੀਂ ਕਰਨਾ ਚਾਹੁੰਦੀ। ਜਲੰਧਰ ਦੇ ਬਸਤੀ ਇਲਾਕੇ ਵਿੱਚ ਲੋਕਾਂ ਨੇ ਮੋਮਬੱਤੀ ਮਾਰਚ ਕੱਢਿਆ। ਜਲੰਧਰ ਦੀਆਂ ਕੁੜੀਆਂ ਨੇ ਪੁਲੀਸ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ, ਜਦੋਂ ਕਿ ਰਾਜਨੀਤਿਕ ਆਗੂਆਂ ਨੇ ਪੁਲੀਸ ਦੀ ਕਾਰਵਾਈ ’ਤੇ ਸਵਾਲ ਉਠਾਏ।
ਪੰਜਾਬ ਸਰਕਾਰ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ: ਭਗਤ
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ, ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ, ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਰਮਣੀਕ ਸਿੰਘ ਰੰਧਾਵਾ ਸਮੇਤ ਜਲੰਧਰ ਸ਼ਹਿਰ ਵਿੱਚ ਘਿਨਾਉਣੇ ਅਪਰਾਧ ਦਾ ਸ਼ਿਕਾਰ ਹੋਈ ਨਾਬਾਲਗ ਲੜਕੀ ਦੇ ਪਰਿਵਾਰ ਨਾਲ ਅੱਜ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ। ਰਾਜ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ ਅਤੇ ਮੁਲਜ਼ਮ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਘਿਨਾਉਣੇ ਅਪਰਾਧ ਲਈ ਮੁਲਜ਼ਮ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਅਣਗਹਿਲੀ ਕਰਨ ਵਾਲੇ ਕਿਸੇ ਵੀ ਪੁਲੀਸ ਮੁਲਾਜ਼ਮ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸਵਿਧਾਇਕਾ ਇੰਦਰਜੀਤ ਕੌਰ ਮਾਨ ਅਤੇ ਡਾ. ਅਮਨਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਪੁਲੀਸ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਮੁਕੰਮਲ ਕੀਤੀ ਜਾਵੇ।

