ਪੱਤਰ ਪ੍ਰੇਰਕ
ਕਾਲਾਂਵਾਲੀ, 24 ਜੂਨ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਪਿਛਲੇ ਦਿਨੀਂ ਅਫ਼ਗਾਨਿਸਤਾਨ ਦੇ ਕਾਬੁਲ ਵਿੱਚ ਬੰਬ ਧਮਾਕੇ ਤੇ ਗੋਲੀਬਾਰੀ ਕਾਰਨ ਨੁਕਸਾਨੇ ਗਏ ਗੁਰਦੁਆਰਾ ਕਰਤੇ ਪ੍ਰਵਾਨ ਦੀ ਮੁੜ ਉਸਾਰੀ ਦੀ ਕਾਰ ਸੇਵਾ ਵਿੱਚ 10 ਲੱਖ ਰੁਪਏ ਦਾ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ’ਤੇ ਹਮਲਾ ਮੰਦਭਾਗਾ ਸੀ ਤੇ ਇਸ ਦੀ ਅਸਲੀਅਤ ਸਾਹਮਣੇ ਆਉਣੀ ਚਾਹੀਦੀ ਹੈ। ਇਹ ਹਮਲਾ ਤਾਲਿਬਾਨ ਵੱਲ ਨਹੀਂ ਸਗੋਂ ਕਿਸੇ ਹੋਰ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ। ਜਥੇਦਾਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਥੇ ਰਹਿ ਰਹੇ ਭਾਰਤੀਆਂ ਦੀ ਸੁਰੱਖਿਆ ਬਾਰੇ ਤਾਲਿਬਾਨ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ। ਜੇ ਭਾਰਤ ਸਰਕਾਰ ਪ੍ਰਬੰਧ ਕਰੇ ਤਾਂ ਉਹ ਇੱਕ ਵਫ਼ਦ ਭੇਜ ਕੇ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਕਰਵਾ ਸਕਦੇ ਹਨ। ਉਨ੍ਹਾਂ ਅਫ਼ਗਾਨਿਸਤਾਨ ਵਿੱਚ ਆਏ ਭੁਚਾਲ ਕਾਰਨ ਲੋਕਾਂ ਦੇ ਮਾਰੇ ਜਾਣ ਅਤੇ ਜ਼ਖ਼ਮੀ ਹੋਣ ਦੀ ਘਟਨਾ ’ਤੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।