ਪਾਲ ਸਿੰਘ ਨੌਲੀ
ਜਲੰਧਰ, 14 ਸਤੰਬਰ
ਕਾਲਾ ਸੰਘਿਆ ਡਰੇਨ ਵਿੱਚ ਪੈ ਰਹੇ ਪ੍ਰਦੂਸ਼ਿਤ ਜ਼ਹਿਰੀਲੇ ਪਾਣੀ ਵਿਰੁੱਧ ਅੱਜ ਸੰਯੁਕਤ ਕਿਸਾਨ ਮੋਰਚਾ ਤੇ ਧਾਰਮਿਕ ਸ਼ਖ਼ਸੀਅਤਾਂ ਦੀ ਅਗਵਾਈ ਹੇਠ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਜਲੰਧਰ-ਕਪੂਰਥਲਾ ਮਾਰਗ ’ਤੇ ਵਰਿਆਣਾ ਮੋੜ ਨੇੜੇ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਗਿਆ। ਇਸ ਸਬੰਧੀ ਡਰੇਨ ਐਕਸ਼ਨ ਕਮੇਟੀ ਦੇ ਆਗੂਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਹੋਈ ਸੀ ਕਿ ਜੇ ਕਾਲਾ ਸੰਘਿਆ ਡਰੇਨ ਵਿੱਚ ਪਾਇਆ ਜਾ ਰਿਹਾ ਪ੍ਰਦੂਸ਼ਿਤ ਪਾਣੀ ਰੋਕਿਆ ਨਾ ਗਿਆ ਤਾਂ 14 ਸਤੰਬਰ ਨੂੰ ਸੜਕ ਜਾਮ ਕੀਤੀ ਜਾਵੇਗੀ।
ਜਲੰਧਰ-ਕਪੂਰਥਲਾ ਸੜਕ ’ਤੇ ਟ੍ਰੈਕਟਰ-ਟਰਾਲੀਆਂ ਖੜ੍ਹੀਆਂ ਕਰਕੇ ਆਵਾਜਾਈ ਰੋਕ ਦਿੱਤੀ ਗਈ, ਜਿਸ ਕਾਰਨ ਉਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਧਰਨੇ ਦੌਰਾਨ ਕਿਸਾਨ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਾਲਾ ਸੰਘਿਆ ਡਰੇਨ ਵਿੱਚ ਗੰਦਾ ਪਾਣੀ ਪੈਣ ਤੋਂ ਨਾ ਰੋਕਿਆ ਗਿਆ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਤੇ ਹੋਰ ਸਖ਼ਤ ਐਕਸ਼ਨ ਲਏ ਜਾਣਗੇ। ਇਸ ਧਰਨੇ ਦੀ ਅਗਵਾਈ ਕਰ ਰਹੇ ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਲੀਡਰ ਸਿੰਘ ਨੇ ਕਿਹਾ ਕਿ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿੱਚ ਸਭ ਤੋਂ ਪਹਿਲਾਂ ਕਾਲਾ ਸੰਘਿਆ ਡਰੇਨ ਵਿੱਚ ਪਾਏ ਜਾ ਰਹੇ ਜ਼ਹਿਰੀਲੇ ਪਾਣੀ ਨੂੰ ਰੋਕਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਸੰਤ ਸੀਚੇਵਾਲ ਨੇ ਇਲਾਕਾ ਵਾਸੀਆਂ ਨੂੰ ਨਾਲ ਲੈ ਕੇ ਪਹਿਲਾਂ 2008 ਵਿੱਚ ਤੇ ਫਿਰ 2011 ਵਿੱਚ ਕਾਲਾ ਸੰਘਿਆ ਡਰੇਨ ਨੂੰ ਬੰਨ੍ਹ ਵੀ ਮਾਰਿਆ ਸੀ, ਪਰ ਅਫ਼ਸਰਸ਼ਾਹੀ ਦੇ ਢੀਠਪੁਣੇ ਕਾਰਨ ਮਸਲਾ ਹੱਲ ਨਹੀਂ ਸੀ ਹੋਇਆ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦਾ ਸਿੰਘ ਨੇ ਕਿਹਾ ਕਿ ਮੋਰਚਾ ਕਾਲਾ ਸੰਘਿਆ ਡਰੇਨ ਦੀ ਲੜਾਈ ਲੜੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਕਾਲਾ ਸੰਘਿਆ ਡਰੇਨ ਐਕਸ਼ਨ ਕਮੇਟੀ ਵੱਲੋਂ ਮੰਗ ਪੱਤਰ ਹਾਸਲ ਕੀਤਾ। ਉਨ੍ਹਾਂ ਨੇ ਵੱਖ-ਵੱਖ ਅਧਿਕਾਰੀਆਂ ਦੀ ਇੱਕ ਕਮੇਟੀ ਬਣਾ ਕੇ 10 ਦਿਨਾਂ ਵਿੱਚ ਰਿਪੋਰਟ ਮੰਗੀ ਹੈ। ਡਰੇਨ ਐਕਸ਼ਨ ਕਮੇਟੀ ਨੇ 30 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ ਤੇ ਜੇ 45 ਦਿਨਾਂ ਵਿੱਚ ਇਸ ਡਰੇਨ ਦੇ ਪਲੀਤ ਪਾਣੀਆਂ ਦਾ ਮਸਲਾ ਹੱਲ ਨਾ ਹੋਇਆ ਤਾਂ ਮੁੜ ਧਰਨਾ ਲਗਾਉਣ ਦੀ ਚੇਤਾਵਨੀ ਦਿੱਤੀ ਹੈ।