ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਬਣੇਗਾ 'ਕੰਢੀ ਵਿਕਾਸ ਮੰਤਰਾਲਾ': ਸੁਖਬੀਰ ਬਾਦਲ
ਬਾਦਲ ਨੇ ਬਲਾਚੌਰ ਰੈਲੀ ਦੌਰਾਨ ਬਿਜਲੀ ਕੱਟਾਂ ਨੂੰ ਲੈ ਕੇ ਘੇਰੀ 'ਆਪ' ਸਰਕਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੱਤਾ 'ਚ ਆਉਂਦੀ ਹੈ, ਸੂਬੇ ਦੇ ਕੰਢੀ ਖੇਤਰ ਦੇ ਸਰਬਪੱਖੀ ਵਿਕਾਸ ਲਈ 'ਕੰਢੀ ਵਿਕਾਸ ਮੰਤਰਾਲਾ' ਬਣਾਇਆ ਜਾਵੇਗਾ।
ਪਾਰਟੀ ਦੀ 'ਪੰਜਾਬ ਬਚਾਓ ਮੁਹਿੰਮ' ਤਹਿਤ ਇੱਥੇ ਸੀਨੀਅਰ ਆਗੂ ਹਨੀ ਟੌਂਸਾ ਦੇ ਨਾਲ ਅੱਜ ਬਲਾਚੌਰ ਵਿਖੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ, ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਹ ਵੀ ਪੁੱਛਿਆ ਕਿ ਦਿਨ ਵੇਲੇ 12 ਘੰਟੇ ਬਿਜਲੀ ਸਪਲਾਈ ਕਿੱਥੇ ਹੈ, ਜਿਸ ਬਾਰੇ ਉਨ੍ਹਾਂ ਦੀ ਸਰਕਾਰ ਵੱਲੋਂ ਵੱਖ-ਵੱਖ ਮੰਚਾਂ ਤੋਂ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ "ਪੰਜਾਬੀ ਰੋਜ਼ਾਨਾ 10 ਘੰਟੇ ਦੇ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਹਨ" ਅਤੇ ਵਾਅਦਾ ਕੀਤਾ ਕਿ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਅਕਾਲੀ ਦਲ ਪੰਜਾਬ ਨੂੰ ਮੁੜ ਬਿਜਲੀ ਸਰਪਲਸ ਸੂਬਾ ਬਣਾਏਗਾ।
ਇਹ ਭਰੋਸਾ ਦਿਵਾਉਂਦੇ ਹੋਏ ਕਿ ਕੰਢੀ ਖੇਤਰ ਦੇ ਲੋਕਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ, ਸੁਖਬੀਰ ਬਾਦਲ ਨੇ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਦੀਆਂ ਸਿੰਚਾਈ ਲੋੜਾਂ ਨੂੰ ਪੂਰਾ ਕਰਨ ਲਈ ਡੂੰਘੇ ਟਿਊਬਵੈੱਲ ਮੁਹੱਈਆ ਕਰਵਾਉਣਗੇ। ਉਨ੍ਹਾਂ ਕਿਹਾ ਕਿ ਕੰਢੀ ਨਹਿਰ ਰਾਹੀਂ ਮਿਲਣ ਵਾਲੀਆਂ ਸਿੰਚਾਈ ਸਹੂਲਤਾਂ ਨੂੰ ਹੋਰ ਵਧਾਇਆ ਜਾਵੇਗਾ ਅਤੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਲਈ ਡ੍ਰਿਪ ਸਿੰਚਾਈ ਅਤੇ ਭੂਮੀਗਤ ਪਾਈਪਲਾਈਨਾਂ ਵਿਛਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਨਵਾਂਸ਼ਹਿਰ ਵਿੱਚ ਇੱਕ ਮੈਡੀਕਲ ਕਾਲਜ ਅਤੇ ਇਸ ਕਸਬੇ ਵਿੱਚ ਇੱਕ ਵੈਟਰਨਰੀ ਕਾਲਜ ਸਥਾਪਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਖੇਤਰ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਲਈ ਪਠਾਨਕੋਟ ਤੋਂ ਰੂਪਨਗਰ ਤੱਕ ਚਾਰ-ਮਾਰਗੀ ਐਕਸਪ੍ਰੈੱਸਵੇਅ ਬਣਾਇਆ ਜਾਵੇਗਾ।
ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ 'ਆਟਾ-ਦਾਲ' ਸਕੀਮ ਤਹਿਤ ਲਾਭਪਾਤਰੀਆਂ 4 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ 50 ਕਿਲੋ ਕਣਕ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਗਨ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ ਵਧਾ ਕੇ 1 ਲੱਖ ਰੁਪਏ ਅਤੇ ਬੁਢਾਪਾ ਪੈਨਸ਼ਨ 3,100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ।

