ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਜੁਲਾਈ
ਗੈਂਗਸਟਰ ਰਣਬੀਰ ਸਿੰਘ ਉਰਫ ਰਾਣਾ ਕੰਦੋਵਾਲੀਆ ਦੇ ਕਤਲ ਮਾਮਲੇ ਵਿੱਚ ਪੁੱਛਗਿੱਛ ਵਾਸਤੇ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪੁਲੀਸ ਰਿਮਾਂਡ ਵਿੱਚ ਇੱਥੋਂ ਦੀ ਅਦਾਲਤ ਨੇ ਅੱਜ ਪੰਜ ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ। ਲਾਰੈਂਸ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਇਸ ਤੋਂ ਪਹਿਲਾਂ ਤਿਹਾੜ ਜੇਲ੍ਹ ਵਿੱਚ ਬੰਦ ਸੀ, ਜਿੱਥੋਂ ਉਸ ਨੂੰ ਟਰਾਂਜ਼ਿਟ ਵਾਰੰਟ ’ਤੇ ਲਿਆਂਦਾ ਗਿਆ ਸੀ। ਅੰਮ੍ਰਿਤਸਰ ਦੀ ਪੁਲੀਸ ਬਿਸ਼ਨੋਈ ਕੋਲੋਂ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਮਾਮਲੇ ਵਿੱਚ ਪੁੱਛਗਿੱਛ ਕਰ ਰਹੀ ਹੈ। ਗੈਂਗਸਟਰ ਕੰਦੋਵਾਲੀਆ ਦਾ ਪਿਛਲੇ ਸਾਲ ਅਗਸਤ ਮਹੀਨੇ ਕਤਲ ਹੋ ਗਿਆ ਸੀ। ਪੁਲੀਸ ਦੇ ਡਿਪਟੀ ਕਮਿਸ਼ਨਰ ਪਰਮਿੰਦਰ ਸਿੰਘ ਭੰਡਾਲ ਨੇ ਇਸ ਸਬੰਧੀ ਪੁਸ਼ਟੀ ਕਰਦਿਆਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੂੰ ਅੱਜ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਅਦਾਲਤ ਨੇ ਉਸ ਨੂੰ 11 ਜੁਲਾਈ ਤੱਕ ਪੁੱਛਗਿੱਛ ਲਈ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਅੰਮ੍ਰਿਤਸਰ ਪੁਲੀਸ ਉਸ ਕੋਲੋਂ ਖਰੜ ਵਿੱਚ ਪੁੱਛਗਿੱਛ ਕਰ ਰਹੀ ਹੈ। ਪੁਲੀਸ ਬੀਤੀ ਰਾਤ ਉਸ ਨੂੰ ਖਰੜ ਤੋਂ ਅੰਮ੍ਰਿਤਸਰ ਲੈ ਕੇ ਆਈ ਸੀ ਤੇ ਅੱਜ ਅਦਾਲਤ ’ਚ ਪੇਸ਼ੀ ਮਗਰੋਂ ਮੁੜ ਖਰੜ ਲੈ ਗਈ।