ਕੰਗਨਾ ਬਠਿੰਡਾ ਅਦਾਲਤ ’ਚ ਨਾ ਹੋਈ ਪੇਸ਼
ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਜ਼ੁਰਗ ਮਹਿਲਾ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਦੀ ਸ਼ਿਕਾਇਤ ਦੇ ਸਬੰਧ ਵਿੱਚ ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ੀ ਨਿਰਧਾਰਤ ਸੀ ਪਰ ਉਹ ਇੱਥੇ ਪੇਸ਼ ਨਹੀਂ ਹੋਈ। ਅਦਾਲਤ ਨੇ ਅੱਜ ਦੀ ਕਾਰਵਾਈ ਦੌਰਾਨ ਕੰਗਨਾ ਨੂੰ 27 ਅਕਤੂਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਅਦਾਲਤ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੇ ਉਹ ਉਸ ਦਿਨ ਪੇਸ਼ ਨਾ ਹੋਈ ਤਾਂ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਜਾ ਸਕਦਾ ਹੈ।
ਮਾਮਲੇ ਦੀ ਸੁਣਵਾਈ ਦੌਰਾਨ ਅੱਜ ਕੰਗਨਾ ਦੇ ਵਕੀਲਾਂ ਨੇ ਨਿੱਜੀ ਹਾਜ਼ਰੀ ਤੋਂ ਛੋਟ ਮੰਗਦਿਆਂ ਕਿਹਾ ਕਿ ਉਹ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਹੋ ਸਕਦੀ ਹੈ ਪਰ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਇਸ ਦਾ ਵਿਰੋਧ ਕਰਦਿਆਂ ਦਲੀਲ ਦਿੱਤੀ ਕਿ ਪਹਿਲੀ ਪੇਸ਼ੀ ’ਤੇ ਇਸ ਤਰ੍ਹਾਂ ਦੀ ਛੋਟ ਨਹੀਂ ਦਿੱਤੀ ਜਾ ਸਕਦੀ। ਅਦਾਲਤ ਨੇ ਵੀ ਕੰਗਨਾ ਦੇ ਵਕੀਲਾਂ ਨੂੰ ਸਖ਼ਤ ਲਹਿਜ਼ੇ ਵਿੱਚ ਚਿਤਾਵਨੀ ਦਿੰਦਿਆਂ ਅਗਲੀ ਤਰੀਕ 27 ਅਕਤੂਬਰ ਨੂੰ ਕੰਗਨਾ ਦਾ ਨਿੱਜੀ ਤੌਰ ’ਤੇ ਅਦਾਲਤ ’ਚ ਪੇਸ਼ ਹੋਣਾ ਯਕੀਨੀ ਬਣਾਉਣ ਲਈ ਕਿਹਾ। 12 ਸਤੰਬਰ ਨੂੰ ਸੁਪਰੀਮ ਕੋਰਟ ਵੱਲੋਂ ਕੰਗਨਾ ਦੀ ਪਟੀਸ਼ਨ ਸੁਣਨ ਤੋਂ ਇਨਕਾਰ ਕੀਤੇ ਜਾਣ ਮਗਰੋਂ ਇਹ ਕੇਸ ਮੁੜ ਬਠਿੰਡਾ ਦੇ ਨਿਆਂਇਕ ਮੈਜਿਸਟਰੇਟ (ਫ਼ਸਟ ਕਲਾਸ) ਦੀ ਅਦਾਲਤ ਵਿੱਚ ਚੱਲ ਰਿਹਾ ਹੈ।