ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਬਾਰੇ ਕੀਤੇ ਟਵੀਟ ਤੋਂ ਬਾਅਦ ਟਵਿਟਰ ਦੇ ਪ੍ਰਬੰਧਕਾਂ ਵੱਲੋਂ ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਨੂੰ ਆਈਆਈਟੀ ਐਕਟ 2000 ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਉਸ ਦਾ ਖਾਤਾ ਹਟਾਉਣ ਲਈ ਲੀਗਲ ਨੋਟਿਸ ਭੇਜਿਆ ਗਿਆ ਹੈ। ਪ੍ਰਬੰਧਕਾਂ ਵੱਲੋਂ ਉਕਤ ਆਗੂ ਦਾ ਖਾਤਾ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਕੰਵਰਪਾਲ ਸਿੰਘ ਨੂੰ ਭੇਜੇ ਨੋਟਿਸ ਵਿੱਚ ਆਖਿਆ ਗਿਆ ਹੈ ਕਿ ਭਾਰਤ ਸਰਕਾਰ ਵੱਲੋਂ ਉਸ ਦਾ ਖਾਤਾ ਹਟਾਉਣ ਲਈ ਕਾਨੂੰਨੀ ਤੌਰ ’ਤੇ ਮੰਗ ਕੀਤੀ ਗਈ ਹੈ। ਆਗੂ ਵੱਲੋਂ ਪ੍ਰਧਾਨ ਮੰਤਰੀ ਦੀ ਫੇਰੀ ਮੌਕੇ ਕੀਤੇ ਗਏ ਤਿੰਨ ਟਵੀਟਾਂ ’ਤੇ ਇਤਰਾਜ਼ ਜਤਾਇਆ ਗਿਆ ਹੈ। ਕੰਵਰਪਾਲ ਸਿੰਘ ਨੇ ਦੱਸਿਆ ਕਿ ਉਸ ਨੇ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਤਿੰਨ ਟਵੀਟ ਕੀਤੇ ਸਨ ਤੇ ਪ੍ਰਧਾਨ ਮੰਤਰੀ ਨੂੰ ਵੀ ਟੈਗ ਕੀਤਾ ਸੀ।