ਕਰਨਾਟਕਾ ਦੇ ਵਫ਼ਦ ਵੱਲੋਂ ਅਨਾਜ ਮੰਡੀਆਂ ਦਾ ਦੌਰਾ
ਕਰਮਜੀਤ ਸਿੰਘ ਚਿੱਲਾ
ਕਰਨਾਟਕਾ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਦੇ ਉੱਚ ਪੱਧਰੀ ਵਫ਼ਦ ਵੱਲੋਂ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਮੰਡੀ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਵੀ ਮੁਲਾਕਾਤ ਕੀਤੀ। ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਐੱਮ ਐੱਸ ਪੀ ਅਪਰੇਸ਼ਨ ਅਤੇ ਨਵੇਂ ਕਾਰਜਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ।
ਕਰਨਾਟਕਾ ਦੇ ਵਫ਼ਦ ਦੀ ਅਗਵਾਈ ਕਰ ਰਹੇ ਜਨਰਲ ਮੈਨੇਜਰ ਜੀ ਕੇ ਵੈਂਕਟੇਸ਼ ਨੇ ਪੰਜਾਬ ਮੰਡੀ ਬੋਰਡ ਦੇ ਮੰਡੀ ਸਿਸਟਮ ਨੂੰ ਪੂਰੇ ਭਾਰਤ ਦਾ ਸਭ ਤੋਂ ਵਧੀਆ ਕਰਾਰ ਦਿੱਤਾ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਕੀਤੇ ਨਿਵੇਕਲੇ ਕੰਮਾਂ ਦੀ ਪ੍ਰਸ਼ੰਸ਼ਾ ਕੀਤੀ ਤੇ ਕਿਹਾ ਕਿ ਇਨ੍ਹਾਂ ਕੰਮਾਂ ਨੂੰ ਉਹ ਆਪਣੇ ਰਾਜਾ ਵਿੱਚ ਲਾਗੂ ਕਰਨਗੇ।
ਮੁਲਾਜ਼ਮਾਂ ਮੰਗਾਂ ਦਾ ਮੌਕੇ ’ਤੇ ਨਿਬੇੜਾ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਮੌਕੇ ’ਤੇ ਨਿਬੇੜਾ ਕੀਤਾ। ਚੇਅਰਮੈਨ ਨੇ ਇਸ ਮੌਕੇ ਮੁਲਾਜ਼ਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁਲਾਜ਼ਮ ਮੰਡੀ ਬੋਰਡ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ ਅਤੇ ਮੁਲਾਜ਼ਮਾਂ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
