ਸ਼ਹੀਦੀ ਸ਼ਤਾਬਦੀ ’ਤੇ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ: ਜਥੇਦਾਰ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੇਂਦਰ ਸਰਕਾਰ ਨੂੰ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਇਤਿਹਾਸਕ ਮੌਕੇ ’ਤੇ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦਾ ਲਾਂਘਾ ਸਿੱਖ ਸੰਗਤ ਲਈ ਖੋਲ੍ਹਣ ਦੀ ਅਪੀਲ ਕੀਤੀ ਹੈ। ਉਹ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਗਏ ਸਿੱਖ ਜਥੇ ਨਾਲ ਪਾਕਿਸਤਾਨ ਗਏ ਸਨ। ਗੁਰਦੁਆਰਾ ਕਰਤਾਰਪੁਰ ਸਾਹਿਬ ਸਮੇਤ ਲਹਿੰਦੇ ਪੰਜਾਬ ਦੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਮਗਰੋਂ ਉਹ ਅੱਜ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਪਰਤ ਆਏ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਲਹਿੰਦੇ ਪੰਜਾਬ ਦੀ ਸਰਕਾਰ ਦੇ ਕੈਬਨਿਟ ਮੰਤਰੀ ਰਮੇਸ਼ ਸਿੰਘ ਅਰੋੜਾ ਉਨ੍ਹਾਂ ਨੂੰ ਬਾਰਡਰ ’ਤੇ ਵਿਦਾ ਕਰਨ ਆਏ।
ਭਾਰਤ ਪਰਤਣ ਮਗਰੋਂ ਜਥੇਦਾਰ ਗੜਗੱਜ ਨੇ ਕਿਹਾ ਕਿ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਹਾਲਾਤ ਸੁਖਾਵੇਂ ਹਨ ਤਾਂ 25 ਨਵੰਬਰ ਨੂੰ ਮਨਾਈ ਜਾ ਰਹੀ ਸ਼ਹੀਦੀ ਸ਼ਤਾਬਦੀ ਮੌਕੇ ਸਰਕਾਰ ਨੂੰ ਲਾਂਘਾ ਖੋਲ੍ਹਣ ਦਾ ਐਲਾਨ ਕਰਨਾ ਚਾਹੀਦਾ ਹੈ। ਇਹ ਸਾਰੇ ਸੰਸਾਰ ਦੇ ਸਿੱਖਾਂ ਦੇ ਜਜ਼ਬਾਤ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖਾਂ ਦੀ ਢੇਡ ਲੱਖ ਏਕੜ ਦੇ ਕਰੀਬ ਜ਼ਮੀਨ ਹੈ ਅਤੇ ਜੇ ਸਿੱਖ ਉੱਧਰ ਜਾਣਗੇ ਤਾਂ ਉਹ ਗੁਰਧਾਮਾਂ ਅਤੇ ਉਨ੍ਹਾਂ ਨਾਲ ਜੁੜੀਆਂ ਜ਼ਮੀਨਾਂ ਦੀ ਸਾਂਭ ਸੰਭਾਲ ਕਰ ਸਕਣਗੇ। ਉਨ੍ਹਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਲਹਿੰਦੇ ਪੰਜਾਬ ਦੀ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਲਹਿੰਦੇ ਪੰਜਾਬ ਦੀ ਸਰਕਾਰ 1947 ਤੋਂ ਬੰਦ 17 ਹੋਰ ਇਤਿਹਾਸਕ ਗੁਰਦੁਆਰੇ ਸੇਵਾ-ਸੰਭਾਲ ਤੋਂ ਬਾਅਦ ਅਪਰੈਲ ਤੱਕ ਸੰਗਤ ਲਈ ਖੋਲ੍ਹ ਰਹੀ ਹੈ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਲਹਿੰਦੇ ਪੰਜਾਬ ਦੀ ਸਰਕਾਰ ਨਾਲ ਮਿਲ ਕੇ ਚੰਗੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿ ਲਹਿੰਦੇ ਪੰਜਾਬ ਦੀ ਸਰਕਾਰ ਨੇ ਇੱਕ ਸਿੱਖ ਨੂੰ ਮੰਤਰੀ ਬਣਾਇਆ ਹੋਇਆ ਹੈ। ਜਥੇਦਾਰ ਨੇ ਭਾਰਤ ਸਰਕਾਰ ਨੂੰ ਵੀ ਪਾਕਿਸਤਾਨ ਵਿੱਚ ਵੱਸਦੇ ਸਿੱਖਾਂ ਅਤੇ ਹਿੰਦੂਆਂ ਨੂੰ ਭਾਰਤ ਵਿੱਚ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਖੁੱਲ੍ਹੇ ਦਿਲ ਨਾਲ ਵੀਜ਼ੇ ਦੇਣ ਦੀ ਅਪੀਲ ਕੀਤੀ।
