ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਨਵੰਬਰ
ਕਰਤਾਰਪੁਰ ਲਾਂਘਾ ਸੰਘਰਸ਼ ਕਮੇਟੀ ਅੰਮ੍ਰਿਤਸਰ ਨੇ ਲਾਂਘਾ ਨਿਰੰਤਰ ਤੇ ਨਿਰਵਿਘਨ ਜਾਰੀ ਰਹਿਣ ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਸਰਕਾਰ ਵੱਲੋਂ ਉਚਿਤ ਪ੍ਰਬੰਧ ਕੀਤੇ ਜਾਣ ਦੀ ਆਸ ਪ੍ਰਗਟਾਈ ਹੈ। ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਮਿਸ਼ਨ ਦੇ ਨਵੀਂ ਦਿੱਲੀ ਸਥਿਤ ਦਫ਼ਤਰ ਵਿੱਚ ਮੁਲਾਕਾਤ ਕਰਨ ਆਏ ਕਰਤਾਰਪੁਰ ਲਾਂਘਾ ਸੰਘਰਸ਼ ਕਮੇਟੀ ਦੇ ਵਫ਼ਦ ’ਚ ਸ਼ਾਮਲ ਆਗੂਆਂ ਨੇ ਦੱਸਿਆ ਕਿ ਮੋਦੀ ਸਰਕਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਹਰ ਸੰਭਵ ਖ਼ਿਆਲ ਰੱਖ ਰਹੀ ਹੈ। ਲਾਂਘਾ ਸੰਘਰਸ਼ ਕਮੇਟੀ ਦੇ ਆਗੂਆਂ ਨੇ ਲਾਲਪੁਰਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਧੰਨਵਾਦੀ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਲਏ ਗਏ ਫ਼ੈਸਲੇ ਤੋਂ ਸਿੱਖ ਸੰਗਤ ਖੁਸ਼ ਹੈ।