ਪਾਲ ਸਿੰਘ ਨੌਲੀ
ਜਲੰਧਰ, 30 ਨਵੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ’ਚ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿੱਚ ਮੱਥਾ ਟੇਕਿਆ, ਜਿੱਥੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵੱਲੋਂ ਸਿਰੋਪਾਓ ਭੇਟ ਕੀਤਾ ਗਿਆ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਨਹੀਂ ਜਾਣਦੇ ਕਿ ਕੇਂਦਰ ਇਹ ਲਾਂਘਾ ਕਿਉਂ ਨਹੀਂ ਖੋਲ੍ਹ ਰਿਹਾ, ਅਜਿਹਾ ਕੋਵਿਡ-19 ਕਾਰਨ ਹੈ ਜਾਂ ਨਹੀਂ, ਇਸ ਬਾਰੇ ਉਨ੍ਹਾਂ ਨੂੰ ਨਹੀਂ ਪਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਾਲੇ ਪਾਸੇ ਦਾ ਲਾਂਘਾ ਖੋਲ੍ਹ ਦਿੱਤਾ ਗਿਆ ਹੈ ਤੇ ਭਾਰਤ ਵਾਲੇ ਪਾਸੇ ਦਾ ਲਾਂਘਾ ਵੀ ਜਲਦੀ ਖੋਲ੍ਹਿਆ ਜਾਣਾ ਚਾਹੀਦਾ ਹੈ ਤੇ ਜਲਦੀ ਹੀ ਉਹ ਇਸ ਬਾਰੇ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਣਗੇ।

ਪ੍ਰਧਾਨ ਮੰਤਰੀ ਵੱਲੋਂ ‘ਮਨ ਕੀ ਬਾਤ’ ਵਿੱਚ ਖੇਤੀ ਕਾਨੂੰਨਾਂ ’ਤੇ ਕਾਇਮ ਰਹਿਣ ਅਤੇ ਇਨ੍ਹਾਂ ਨੂੰ ਕਿਸਾਨਾਂ ਦੇ ਪੱਖ ’ਚ ਹੋਣ ਦਾ ਦਾਅਵਾ ਕਰਨ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਤਾਂ ਸ਼ੁਰੂ ਤੋਂ ਹੀ ਆਪਣੇ ਇਸ ਸਟੈਂਡ ’ਤੇ ਕਾਇਮ ਹਨ, ਇਸੇ ਕਰਕੇ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ ਨੇ ਰੱਦ ਕਰਨ ਲਈ ਬਿੱਲ ਲਿਆਂਦੇ ਹਨ, ਪਰ ਰਾਜਪਾਲ ਇਸ ਨੂੰ ਦੱਬ ਕੇ ਬੈਠੇ ਹਨ। ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਇੰਜ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਕੇਂਦਰ ਤੇ ਪੰਜਾਬ ਦੇ ਕਿਸਾਨਾਂ ਵਿੱਚ ਗੱਲਬਾਤ ਹੋ ਜਾਵੇ। ਉਹ ਇਸ ਮਸਲੇ ਨੂੰ ਨਬਿੇੜਨ ਦੇ ਹੱਕ ਵਿੱਚ ਹਨ ਪਰ ਭਾਰਤ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਪਹਿਲਾਂ ਤਿਆਰ ਤਾਂ ਹੋਵੇ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕਿਸਾਨ ਪ੍ਰੇਸ਼ਾਨ ਹੋ ਕੇ ਅੱਗੇ ਵਧ ਰਹੇ ਹਨ ਤਾਂ ਇੱਕ ਗੱਲ ਸਪੱਸ਼ਟ ਹੈ ਕਿ ਉਹ ਇਸ ਗੱਲ ਤੋਂ ਪ੍ਰੇਸ਼ਾਨ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਦੀ ਕਿਉਂ ਨਹੀਂ ਸੁਣ ਰਹੀ? ਜਦੋਂ ਉਨ੍ਹਾਂ ਨੂੰ ਇਹ ਸਵਾਲ ਪੁੱਛਿਆ ਗਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਨੂੰ ਰੋਕ ਰਹੇ ਹਨ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਉਹ ਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੱਟਰ ਫ਼ਜ਼ੂਲ ਗੱਲਾਂ ਕਰ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 551ਵੇਂ ਸਮਾਗਮ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਸਰਕਾਰੀ ਸਕੂਲ ’ਚ ਗਏ ਜਿੱਥੇ ਉਨ੍ਹਾਂ ਛੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ, ਜਿਨ੍ਹਾਂ ਦੀ ਲਾਗਤ 40.75 ਕਰੋੜ ਦੇ ਕਰੀਬ ਆਉਣ ਦਾ ਅਨੁਮਾਨ ਹੈ।
ਕੈਪਟਨ ਵੱਲੋਂ ਚੌਰ ਸਾਹਿਬ ਭੇਟ
ਡੇਰਾ ਬਾਬਾ ਨਾਨਕ (ਨਿੱਜੀ ਪੱਤਰ ਪ੍ਰੇਰਕ ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡੇਰਾ ਬਾਬਾ ਨਾਨਕ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਗੁਰਦੁਆਰੇ ਦੇ ਮੈਨੇਜਰ ਭਾਈ ਹਰਵਿੰਦਰ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਬਲਵੰਤ ਸਿੰਘ ਨੂੰ ਚਾਂਦੀ ਦੇ ਮੁੱਠੇ ਵਾਲਾ ਚੌਰ ਸਾਹਿਬ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਅਤੇ ਜੋਗਿੰਦਰ ਕੌਰ ਨੇ ਮੁੱਖ ਮੰਤਰੀ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪੇ ਭੇਟ ਕੀਤੇ।