ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 20 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਸਤਲੁਜ-ਯਮੁਨਾ ਲਿੰਕ ਨਹਿਰ ਦੇ ਸੰਵੇਦਨਸ਼ੀਲ ਮੁੱਦੇ ’ਤੇ ਰਾਜਨੀਤੀ ਨਾ ਕਰਨ। ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਨੇ ਇਕ ਵਾਰ ਫਿਰ ਆਪਣੀ ਰਵਾਇਤ ਮੁਤਾਬਕ ਪੰਜਾਬੀਆਂ ਨੂੰ ਭਰਮਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ‘ਆਪ’ ਦਾ ਰਾਜ ਸਭਾ ਮੈਂਬਰ ਹਰਿਆਣਾ ਵਿਚ ਸਤਲੁਜ-ਯਮੁਨਾ ਲਿੰਕ ਨਹਿਰ ਰਾਹੀਂ ਹਰ ਖੇਤ ਤੱਕ ਪਾਣੀ ਪਹੁੰਚਦਾ ਕਰਨ ਦੀ ਗਾਰੰਟੀ ਦੇ ਰਿਹਾ ਹੈ ਅਤੇ ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਕਹਿ ਰਹੇ ਹਨ ਕਿ ਸੂਬੇ ਦਾ ਦਰਿਆਈ ਪਾਣੀ ਹਰਿਆਣਾ ਨੂੰ ਨਹੀਂ ਜਾਣ ਦਿੱਤਾ ਜਾਵੇਗਾ। ਇਸ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਨੂੰ ਪੰਜਾਬੀਆਂ ਦੀ ਕਮਜ਼ੋਰੀ ਸਮਝਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਭਗਵੰਤ ਮਾਨ ਨੇ ਕੇਜਰੀਵਾਲ ਨੂੰ ਹਰਿਆਣਾ ਦੇ ਲੋਕਾਂ ਨੂੰ ਦਿੱਤੀ ਗਾਰੰਟੀ ਵਾਪਸ ਲੈਣ ਲਈ ਨਾ ਆਖਿਆ ਤਾਂ ਉਹ ਇਸ ਮਾਮਲੇ ’ਤੇ ਪੰਜਾਬੀਆਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬੀ ਪਾਣੀ ਦੀ ਇਕ ਬੂੰਦ ਵੀ ਹਰਿਆਣਾ ਨਹੀਂ ਜਾਣ ਦੇਣਗੇ।
‘ਆਪ’ ਉੱਤੇ ਪੁਲੀਸ ਦੀ ਦੁਰਵਰਤੋਂ ਕਰਨ ਦਾ ਦੋਸ਼
ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਪੰਜਾਬ ਪੁਲੀਸ ਦੀ ਦੁਰਵਰਤੋਂ ਨਹੀਂ ਹੋਣ ਦੇਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ‘ਆਪ’ ਦਾ ਵਿਰੋਧ ਕੀਤਾ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਹੋ ਰਹੇ ਹਨ। ਤਾਜ਼ਾ ਮਾਮਲਾ ਕੁਮਾਰ ਵਿਸ਼ਵਾਸ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਸੱਤਾ ਸਿਆਸੀ ਬਦਲਾਖੋਰੀ ਲਈ ਨਹੀਂ ਸੌਪੀ।