ਗੁਰਨਾਮ ਸਿੰਘ ਅਕੀਦਾ
ਪਟਿਆਲਾ, 19 ਨਵੰਬਰ
ਲੋਕ ਇਨਸਾਫ਼ ਪਾਰਟੀ ਦੇ ਮੁੱਖ ਆਗੂ ਸਿਮਰਨਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਿਸਾਨ ਵਿਰੋਧੀ ਰੋਲ ਨਿਭਾ ਰਹੇ ਹਨ, ਕਿਉਂਕਿ ਉਨ੍ਹਾਂ ਸਿਰਫ਼ 50 ਵਿਅਕਤੀ ਦਿੱਲੀ ’ਚ ਦਾਖਲ ਹੋਣ ਦਾ ਫ਼ੈਸਲਾ ਕਰਕੇ ਕਿਸਾਨਾਂ ਦਾ 26-27 ਨਵੰਬਰ ਦਾ ‘ਦਿੱਲੀ ਚੱਲੋ’ ਅੰਦੋਲਨ ਠੰਢਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਸ੍ਰੀ ਬੈਂਸ ਇੱਥੇ ਅੱਜ ਸਵੇਰੇ ‘ਪੰਜਾਬ ਅਧਿਕਾਰ ਯਾਤਰਾ’ ਸ਼ੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਚਾਹੀਦਾ ਸੀ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਸਗੋਂ ਕਿਸਾਨਾਂ ਦੇ ਅੰਦੋਲਨ ਨੂੰ ਸਮਰਥਨ ਦਿੰਦੇ ਪਰ ਊਨ੍ਹਾਂ ਇਹ ਫ਼ੈਸਲਾ ਕਰਕੇ ਕੇਂਦਰ ਸਰਕਾਰ ਦਾ ਪੱਖ ਪੂਰਿਆ ਹੈ। ਇਸ ਮੌਕੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਵੀ ਹਾਜ਼ਰ ਸਨ। ਬੈਂਸ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀਐੱਸ ਘੁੰਮਣ ਦੇ ਅਸਤੀਫ਼ੇ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਹ ਸਰਕਾਰ ਦੇ ਮੂੰਹ ’ਤੇ ਇੱਕ ਤਰ੍ਹਾਂ ਨਾਲ ਚਪੇੜ ਹੈ। ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਲਈ ਤੁਰੰਤ 300 ਕਰੋੜ ਦੀ ਗਰਾਂਟ ਜਾਰੀ ਕਰੇ।
ਐੱਸਏਐੱਸ ਨਗਰ (ਮੁਹਾਲੀ) (ਪੱਤਰ ਪ੍ਰੇਰਕ): ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਸ਼ੁਰੂ ਕੀਤੀ ‘ਪੰਜਾਬ ਅਧਿਕਾਰ ਯਾਤਰਾ’ ਦਾ ਅੱਜ ਮੁਹਾਲੀ ਵਿੱਚ ਪਹੁੰਚਣ ’ਤੇ ਵਾਈਪੀਐਸ ਚੌਕ ਨੇੜੇ ਸਵਾਗਤ ਕੀਤਾ ਗਿਆ। ਇਸ ਮੌਕੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਯੂਟੀ ਅਤੇ ਮੁਹਾਲੀ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਜਦੋਂ ਦੇਸ਼ ਦੇ ਬਾਕੀ ਸੂਬੇ ਆਪਣੇ ਕੁਦਰਤੀ ਸੋਮੇ ਇਮਾਰਤੀ ਲੱਕੜ, ਕੋਲਾ, ਮਾਰਬਲ, ਕੱਚਾ ਲੋਹਾ ਆਦਿ ਮੁੱਲ ਵੇਚਦੇ ਹਨ ਤਾਂ ਪੰਜਾਬ ਨੂੰ ਵੀ ਪਾਣੀ ਦੀ ਕੀਮਤ ਵਸੂਲ ਕਰਨੀ ਚਾਹੀਦੀ ਹੈ। ਇਸ ਸਬੰਧੀ ਲੱਖਾਂ ਲੋਕਾਂ ਦੇ ਦਸਖ਼ਤਾਂ ਵਾਲੀ ਪਟੀਸ਼ਨ ਤਿਆਰ ਕੀਤੀ ਹੈ, ਜਿਸ ਵਿੱਚ ਪੁੱਛਿਆ ਗਿਆ ਹੈ ਕਿ 16 ਨਵੰਬਰ 2016 ਤੋਂ ਲੈ ਕੇ 16 ਨਵੰਬਰ 2020 ਤੱਕ ਚਾਰ ਸਾਲ ਦੇ ਅਰਸੇ ਦੌਰਾਨ ਦੂਜੇ ਰਾਜਾਂ ਨੂੰ ਜਾ ਰਹੇ ਪਾਣੀ ਦੀ ਕੀਮਤ ਦਾ ਬਿੱਲ ਬਣਾ ਕੇ ਹੁਣ ਤੱਕ ਕਿਉਂ ਨਹੀਂ ਭੇਜਿਆ ਗਿਆ। ਇਹ ਪਟੀਸ਼ਨ ਅੱਜ ਵਿਧਾਨ ਸਭਾ ਵਿੱਚ ਵਿਸ਼ੇਸ਼ ਕਮੇਟੀ ਨੂੰ ਸੌਂਪੀ ਗਈ। ਬੈਂਸ ਨੇ ਐਲਾਨ ਕੀਤਾ ਕਿ ਲੋੜ ਪੈਣ ’ਤੇ ਲੋਕ ਇਨਸਾਫ਼ ਪਾਰਟੀ ਪਾਣੀਆਂ ਦੀ ਲੁੱਟ ਰੋਕਣ ਅਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਸਮਾਜਿਕ ਅਤੇ ਕਾਨੂੰਨੀ ਲੜਾਈ ਲੜਨ ਤੋਂ ਪਿੱਛੇ ਨਹੀਂ ਹਟੇਗੀ। ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਉਪਰ ਲੱਗੇ ਕਥਿਤ ਬਲਾਤਕਾਰ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਕਿਹਾ ਕਿ ਜਲਦੀ ਹੀ ਸੱਚ ਸਭ ਦੇ ਸਾਹਮਣੇ ਆ ਜਾਵੇਗਾ।