ਲੁਧਿਆਣਾ, 30 ਸਤੰਬਰ
ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਐਲਾਨਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸਮਾਂ ਆਉਣ ’ਤੇ ਇਕ ਸਹੀ ਉਮੀਦਵਾਰ ਚੁਣਿਆ ਜਾਵੇਗਾ। ਮੀਡੀਆ ਵੱਲੋਂ ਨਵਜੋਤ ਸਿੰਘ ਸਿੱਧੂ ਬਾਰੇ ਕਿਸੇ ਸੰਭਾਵਨਾ ਸਬੰਧੀ ਕੀਤੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ, ‘‘ਇਹ ਇਕ ਕਾਲਪਨਿਕ ਸਵਾਲ ਹੈ। ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਅਸੀਂ ਤੁਹਾਨੂੰ ਜਾਣੂ ਕਰਵਾ ਦੇਵਾਂਗੇ।’’ ਦੱਸਣਯੋਗ ਹੈ ਕਿ ਸਿੱਧੂ ਨੇ ਹਾਲ ਹੀ ਵਿਚ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੂੰ ਆਪਣਾ ਛੋਟਾ ਭਰਾ ਦੱਸਿਆ। ਦੱਸਿਆ ਜਾਂਦਾ ਹੈ ਕਿ ਭਗਵੰਤ ਮਾਨ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਵੱਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਨ ਦਾ ਇੱਛੁਕ ਹੈ। -ਪੀਟੀਆਈ