ਚੰਡੀਗੜ੍ਹ: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਐੱਸਵਾਈਐੱਲ ਦੇ ਮਾਮਲੇ ਬਾਰੇ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਐੱਸਵਾਈਐਲ ਮੁੱਦੇ ’ਤੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਐੱਸਵਾਈਐੱਲ ’ਤੇ ਪੰਜਾਬ ਭਾਜਪਾ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ। ਉਹ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਬਾਹਰ ਨਹੀਂ ਜਾਣ ਦੇਣਗੇ। ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਛੇ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਸਰਕਾਰ ਵੱਲੋਂ ਜਨਤਾ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। -ਟਨਸ