ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਅਪਰੈਲ
ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਦਿੱਲੀ ਹਾਈਕੋਰਟ ਵੱਲੋਂ ਦਿੱਲੀ ਦੀ ‘ਆਪ’ ਸਰਕਾਰ ’ਤੇ ਕੀਤੀ ਟਿੱਪਣੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਤੋਂ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਮੰਗਿਆ ਹੈ। ਭਾਜਪਾ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਇਹ ਕਹਿਣਾ ਕਿ ਅਰਵਿੰਦ ਕੇਜਰੀਵਾਲ ਨੇ ਅਸਤੀਫ਼ਾ ਨਾ ਦੇ ਕੇ ਨਿੱਜੀ ਹਿੱਤ ਉੱਪਰ ਰੱਖਿਆ ਹੈ ਜਿਸ ਕਾਰਨ ਕੇਜਰੀਵਾਲ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ ਤਾਂ ਕਿ ਦਿੱਲੀ ਦੇ ਲੋਕ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਨਾ ਰਹਿਣ। ਸ੍ਰੀ ਬਿੱਟੂ ਨੇ ਕਿਹਾ ਕਿ ਕੇਜਰੀਵਾਲ ਆਪ ਤਾਂ ਸ਼ਰਾਬ ਘੁਟਾਲੇ ’ਚ ਜੇਲ੍ਹ ਵਿੱਚ ਹਨ ਜਦਕਿ ਦਿੱਲੀ ਦੇ ਸਕੂਲੀ ਬੱਚੇ ਕਿਤਾਬਾਂ ਲਈ ਜੂਝ ਰਹੇ ਹਨ।