ਕੇਜਰੀਵਾਲ ਨੇ ਕੁੰਵਰ ਵਿਜੈ ਪ੍ਰਤਾਪ ਨੂੰ ‘ਆਪ’ ਦਾ ਬਰਾਂਡ ਬਣਾ ਕੇ ਵਰਤਿਆ: ਬਾਜਵਾ
ਮਹਿੰਦਰ ਸਿੰਘ ਰੱਤੀਆਂ
ਮੋਗਾ, 30 ਜੂਨ
‘ਆਪ’ ਵੱਲੋਂ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪੰਜ ਸਾਲਾਂ ਲਈ ਮੁਅੱਤਲੀ ਤੋਂ ਵਿਰੋਧੀ ਧਿਰਾਂ ਨੇ ਵੀ ਮਾਨ ਸਰਕਾਰ ਨੂੰ ਘੇਰਿਆ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ’ਤੇ ਤਿੱਖੇ ਨਿਸ਼ਾਨੇ ਸੇਧੇ ਹਨ। ਇੱਥੇ ਪ੍ਰੈੱਸ ਕਾਨਫਰੰਸ ਵਿੱਚ ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦੀ ਮੁਅੱਤਲੀ ਦਰਸਾਉਂਦੀ ਹੈ ਕਿ ਪਾਰਟੀ ’ਚ ਤਾਨਾਸ਼ਾਹੀ ਅਧੀਨ ਅਸਹਿਮਤੀ ਜਾਂ ਸੱਚੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਵਿੱਚੋਂ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਕਲੀਨ ਚਿੱਟ ਦੇਣ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕੁੰਵਰ ਵਿਜੈ ਪ੍ਰਤਾਪ ਨੂੰ ਵਿਧਾਨ ਸਭਾ ਚੋਣਾਂ ਮੌਕੇ ‘ਆਪ’ ਦਾ ਬਰਾਂਡ ਬਣਾ ਕੇ ਵਰਤਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਬਣਨ ਤੋਂ ਬਾਅਦ ਕੁੰਵਰ ਵਿਜੈ ਪ੍ਰਤਾਪ ਨੇ ਨਿੱਡਰਤਾ ਅਤੇ ਇਮਾਨਦਾਰੀ ਨਾਲ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਪਰ ਦੇਰ ਬਾਅਦ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਉਹ ‘ਵਰਤੇ’ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਸਿਰ ਕਰਜ਼ੇ ਦੀ ਪੰਡ ਭਾਰੀ ਹੋ ਰਹੀ ਹੈ। ਉਨ੍ਹਾਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਡਰਾਮਾ ਕਰਾਰ ਦਿੱਤਾ। ਕਾਂਗਰਸੀ ਆਗੂ ਨੇ ਸੂਬੇ ਵਿੱਚ ‘ਆਪ’ ਦੀ ਲੈਂਡ ਪੂਲਿੰਗ ਸਕੀਮ ਨੂੰ ਕਥਿਤ ਮੈਗਾ ਘੁਟਾਲਾ ਕਰਾਰ ਦਿੰਦੇ ਹੋਏ ਸੂਬੇ ’ਚ ਕਿਸਾਨਾਂ ਦੀ 40 ਹਜ਼ਾਰ ਏਕੜ ਖੇਤੀ ਯੋਗ ਜ਼ਮੀਨ ’ਤੇ ਨਵੀਂ ਅਰਬਨ ਅਸਟੇਟ ਵਿਕਸਤ ਕਰਨ ਦੀ ਯੋਜਨਾ ਬਾਰੇ ਕਿਹਾ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਸਰਕਾਰ ਨੂੰ ਜ਼ਮੀਨਾਂ ਐਕੁਆਇਰ ਨਹੀਂ ਕਰਨ ਦਿੱਤੀਆਂ ਜਾਣਗੀਆਂ।