ਜਗਜੀਤ ਸਿੰਘ/ਮਨਪ੍ਰੀਤ ਸਿੰਘ
ਮੁਕੇਰੀਆਂ/ਮਾਨਸਰ, 18 ਫਰਵਰੀ
ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖਾਲਿਸਤਾਨ ਦਾ ਸੁਫ਼ਨਾ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਬਣਨਾ ਚਾਹੁੰਦੇ ਹਨ। ਚੋਣ ਪ੍ਰਚਾਰ ਦੇ ਆਖਰੀ ਦਿਨ ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਹੱਕ ਵਿੱਚ ਭੰਗਾਲਾ ਦੀ ਦਾਣਾ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਕੁਝ ਲੋਕ ਰਾਜਨੀਤੀ ਦੇ ਚੱਕਰ ’ਚ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਉਨ੍ਹਾਂ ਕੇਜਰੀਵਾਲ ’ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ‘ਆਪ’ ਦੇ ਕੁਝ ਸਮਰਥਕ ਦੱਸਦੇ ਹਨ ਕਿ ਅਰਵਿੰਦ ਕੇਜਰੀਵਾਲ ਇੱਕ ਅਤਿਵਾਦੀ ਸਮਰਥਕ ਦੇ ਘਰ ਰੁਕੇ ਅਤੇ ਰਾਤ ਨੂੰ ਯੋਜਨਾ ਬਣਾਈ ਕਿ ਜੇਕਰ ਉਹ ਪੰਜਾਬ ਦੇ ਮੁੱਖ ਮੰਤਰੀ ਨਾ ਬਣ ਸਕੇ ਤਾਂ ਖਾਲਿਸਤਾਨ ਦੇ ਪ੍ਰਧਾਨ ਮੰਤਰੀ ਬਣ ਜਾਣਗੇ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਜਿਹੜਾ ਮੁੱਖ ਮੰਤਰੀ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਪ੍ਰਦਾਨ ਨਹੀਂ ਕਰ ਸਕਦਾ, ਉਹ ਸੂਬੇ ਦੀ ਸੁਰੱਖਿਆ ਕਿਵੇਂ ਕਰ ਸਕੇਗਾ। ਅਨੁਰਾਗ ਠਾਕੁਰ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਉਹ ਪੰਜਾਬ ਨੂੰ ਕਰਜ਼ਾ ਮੁਕਤ, ਮਾਈਨਿੰਗ ਮੁਕਤ ਅਤੇ ਨਸ਼ਾ ਮੁਕਤ ਕਰ ਦੇਣਗੇ ਪਰ ਚੰਨੀ ਨੇ ਸਿਰਫ਼ ਆਪਣੇ ਪਰਿਵਾਰ ਦਾ ਢਿੱਡ ਹੀ ਭਰਿਆ ਹੈ ਪਰ ਹੁਣ ਭਾਜਪਾ ਦੀ ਡਬਲ ਇੰਜਣ ਸਰਕਾਰ ਪੰਜਾਬ ਨੂੰ ਹਰ ਸਮੱਸਿਆ ਤੋਂ ਮੁਕਤ ਕਰੇਗੀ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਮਾਸਟਰ ਮੋਹਣ ਲਾਲ, ਸੰਜੀਵ ਮਿਨਹਾਸ ਆਦਿ ਹਾਜ਼ਰ ਸਨ।
ਤਲਵਾੜਾ (ਦੀਪਕ ਠਾਕੁਰ): ਅਨੁਰਾਗ ਠਾਕੁਰ ਨੇ ਇੱਥੇ ਹਲਕਾ ਦਸੂਹਾ ਤੋਂ ਪਾਰਟੀ ਉਮੀਦਵਾਰ ਰਘੂਨਾਥ ਸਿੰਘ ਰਾਣਾ ਦੇ ਹੱਕ ’ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਕਾਂਗਰਸ ਦੇ ਆਪਸੀ ਕਾਟੋ ਕਲੇਸ਼ ਕਾਰਨ ਪੰਜਾਬ ਪੱਛੜ ਗਿਆ ਹੈ। ਅਨੁਰਾਗ ਠਾਕੁਰ ਨੇ ਕਾਂਗਰਸ ਸਰਕਾਰ ’ਤੇ ਮਾਫੀਆ ਨੂੰ ਹੱਲਾਸ਼ੇਰੀ ਦੇਣ ਅਤੇ ਰੁਜ਼ਗਾਰ ਦੇ ਨਾਂ ’ਤੇ ਨੌਜਵਾਨਾਂ ਨੂੰ ਗੁਮਰਾਹ ਕਰਨ ਦੇ ਦੋਸ਼ ਲਗਾਏ।
ਕਿਸਾਨਾਂ ਨੇ ਅਨੁਰਾਗ ਠਾਕੁਰ ਦੇ ਕਾਫ਼ਲੇ ਨੂੰ ਦਿਖਾਏ ਕਾਲੇ ਝੰਡੇ
ਮਾਨਸਰ (ਪੱਤਰ ਪ੍ਰੇਰਕ): ਕਿਸਾਨ-ਮਜ਼ਦੂਰ ਹਿੱਤਕਾਰੀ ਸਭਾ ਨੇ ਕਸਬਾ ਭੰਗਾਲਾ ਵਿੱਚ ਮੁਕੇਰੀਆਂ ਤੋਂ ਭਾਜਪਾ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਹੱਕ ਵਿੱਚ ਪ੍ਰਚਾਰ ਕਰਨ ਆਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ। ਕਿਸਾਨਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਉਂਕਾਰ ਸਿੰਘ, ਬਲਕਾਰ ਸਿੰਘ ਮੱਲ੍ਹੀ, ਆਸਾ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਪੰਜਾਬ ਸਣੇ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਭਾਜਪਾ ਦਾ ਬਾਈਕਾਟ ਜਾਰੀ ਰਹੇਗਾ ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।