ਪੱਤਰ ਪ੍ਰੇਰਕ
ਪਟਿਆਲਾ, 6 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਹਾਰ ਅਤੇ ਬੋਲਾਂ ਤੋਂ ਪੰਜਾਬ ਲਈ ਬੇਗਾਨਾਪਣ ਝਲਕਣ ਦੀ ਗੱਲ ਕਹੀ। ਉਨ੍ਹਾਂ ਆਖਿਆ ਕਿ ‘ਆਪ’ ਦਾ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦਾ ਇਹ ਧਾੜਵੀ ਪੰਜਾਬ ਨੂੰ ਲੁੱਟਣ ਤੇ ਭਾਈਚਾਰਕ ਸਾਂਝ ਵਿੱਚ ਖ਼ਲਲ ਪਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ’ਚ ਬੈਠ ਕੇ ਅਰਵਿੰਦ ਕੇਜਰੀਵਾਲ ਵੱਲੋਂ ਇਹ ਕਹਿਣਾ ਕਿ ਪੰਜਾਬ ਦੇ ਪਾਣੀਆਂ ’ਤੇ ਦਿੱਲੀ ਦਾ ਹੱਕ ਹੈ, ਪੰਜਾਬ ਦੇ ਖੇਤਾਂ ਦਾ ਧੂੰਆਂ ਦਿੱਲੀ ਦੀ ਆਬੋ ਹਵਾ ਨੂੰ ਪ੍ਰਦੂਸ਼ਿਤ ਕਰ ਰਿਹੈ ਜਾਂ ਕਿਸਾਨ ਸੰਘਰਸ਼ ਦੌਰਾਨ ਦਿੱਲੀ ਦੀਆਂ ਜੇਲ੍ਹਾਂ ਵਿੱਚ ਕਿਸਾਨਾਂ ਨਾਲ ਕੀਤੀ ਗਈ ਬਦਸਲੂਕੀ ਕਿਸੇ ਤੋਂ ਲੁਕੀ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਡੁੱਬ ਰਹੇ ਜਹਾਜ਼ ਵਿੱਚੋਂ ਭਗਵੰਤ ਮਾਨ ਛਾਲ ਮਾਰ ਕੇ ਨਿਕਲ ਜਾਣ ਦੀ ਫ਼ਿਰਾਕ ਵਿੱਚ ਹੈ।