ਕਰਮਵੀਰ ਸੈਣੀ
ਮੂਨਕ, 13 ਫਰਵਰੀ
ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਾਣਾ ਮੰਡੀ ਵਿੱਚ ਵਿਧਾਨ ਸਭਾ ਹਲਕਾ ਲਹਿਰਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਗੋਬਿੰਦ ਸਿੰਘ ਲੌਂਗੋਵਾਲ ਦੇ ਹੱਕ ਵਿੱਚ ਰੈਲੀ ਕੀਤੀ। ਉਨ੍ਹਾਂ ਕਿਹਾ ਕਿ ਇਸ ਵਾਰ ਚੋਣਾਂ ’ਚ ਲੜਾਈ ਪੰਜਾਬ ਅਤੇ ਦਿੱਲੀ ਵਿਚਾਲੇ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤੋਪਾਂ-ਟੈਂਕਾਂ ਨਾਲ ਢਾਹੁਣ ਵਾਲੀ ਦਿੱਲੀ ਤੋਂ ਚੱਲਣ ਵਾਲੀ ਕਾਂਗਰਸ ਹੈ, ਦੂਜੇ ਪਾਸੇ ਐੱਸਵਾਈਐੱਲ ਨਹਿਰ ਬਣਾ ਕੇ ਪੰਜਾਬ ਦਾ ਪਾਣੀ ਦਿੱਲੀ ਨੂੰ ਦੇਣ ਲਈ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਖਲ਼ ਕਰਨ ਵਾਲੇ ‘ਆਪ’ ਦੇ ਮੁਖੀ ਅਰਵਿੰਦ ਕੇਜਰੀਵਾਲ ਹਨ ਤੇ ਤੀਜੇ ਪਾਸੇ ਕਿਸਾਨਾਂ ਦੀ ਕਾਤਲ ਭਾਜਪਾ ਨਾਲ ਸਾਂਝ ਪਾਉਣ ਵਾਲਾ ਸੰਯੁਕਤ ਅਕਾਲੀ ਦਲ ਹੈ। ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਦੀ ਫਿਤਰਤ ਸ਼ੁਰੂ ਤੋਂ ਧੋਖਾ ਕਰਨ ਵਾਲੀ ਰਹੀ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਹਾਰਨ ਦੇ ਬਾਵਜੂਦ ਅਹੁਦੇ ਦਿੱਤੇ ਤੇ ਪਰਮਿੰਦਰ ਢੀਂਡਸਾ ਨੂੰ ਸਰਕਾਰ ਵਿੱਚ ਖ਼ਜ਼ਾਨਾ ਮੰਤਰੀ ਬਣਾਇਆ ਪਰ ਇਨ੍ਹਾਂ ਨੇ ਪਾਰਟੀ ਛੱਡ ਕੇ ਵਿਸ਼ਵਾਸਘਾਤ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਲਹਿਰਾ ਹਲਕੇ ਦੇ ਲੋਕਾਂ ਲਈ ਵੱਡੇ ਐਲਾਨ ਕਰਦਿਆਂ ਆਖਿਆ ਕਿ ਅਕਾਲੀ-ਬਸਪਾ ਸਰਕਾਰ ਬਣਨ ’ਤੇ ਪਹਿਲੇ ਛੇ ਮਹੀਨਿਆਂ ਦੇ ਅੰਦਰ ਖਨੌਰੀ ਵਿੱਚ ਲੜਕੀਆਂ ਦਾ ਸਰਕਾਰੀ ਕਾਲਜ, ਚੰਗਾ ਹਸਪਤਾਲ, ਪਿੰਡਾਂ ਵਿੱਚ ਸਿੰਜਾਈ ਲਈ ਨਹਿਰੀ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਘੱਗਰ ਦੇ ਹੜ੍ਹਾਂ ਦੀ ਮਾਰ ਤੋਂ ਖੇਤਾਂ ਨੂੰ ਬਚਾਉਣ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕਰ ਦਿੱਤੇ ਜਾਣਗੇ।
ਭੀਖੀ (ਕਰਨ ਭੀਖੀ): ਇਥੇ ਸੁਖਬੀਰ ਬਾਦਲ ਨੇ ਸਥਾਨਕ ਅਨਾਜ ਮੰਡੀ ਵਿੱਚ ਹਲਕਾ ਮਾਨਸਾ ਦੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਅਰੋੜਾ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਸਾਰੀਆਂ ਬੰਦ ਪਈਆਂ ਸਕੀਮਾਂ ਬਹਾਲ ਕੀਤੀਆਂ ਜਾਣਗੀਆਂ।
ਬੁਢਲਾਡਾ(ਐੱਨ.ਪੀ ਸਿੰਘ): ਇਥੇ ਸੁਖਬੀਰ ਬਾਦਲ ਨੇ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਪਾਰਟੀ ਦੇ ਉਮੀਦਵਾਰ ਡਾ. ਨਿਸ਼ਾਨ ਸਿੰਘ ਦੇ ਹੱਕ ਵਿੱਚ ਕੀਤੇ ਚੋਣ ਜਲਸੇ ਨੂੰ ਸੰਬੋਧਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਕੇਜਰੀਵਾਲ ਨੇ ਗਰੀਬਾਂ, ਰਿਕਸ਼ਾ ਚਾਲਕਾਂ ਅਤੇ ਰੇਹੜੀ ਵਾਲਿਆਂ ਨੂੰ ਟਿਕਟਾਂ ਦੇਣ ਦੀ ਥਾਂ, ਦੂਸਰੀਆਂ ਪਾਰਟੀਆਂ ਤੋਂ ਟਿਕਟ ਦੀ ਇੱਛਾ ਲੈ ਕੇ ਆਏ ਵਿਅਕਤੀਆਂ ਨੂੰ ਕਰੋੜਾਂ ਰੁਪਏ ਵਿੱਚ ਟਿਕਟਾਂ ਦਿੱਤੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੇਜਰੀਵਾਲ ਨੂੰ ਵੋਟ ਦੇ ਦਿੱਤੀ ਤਾਂ ਉਹ ਸੱਤਾ ਹਾਸਲ ਕਰਨ ਤੋਂ ਬਾਅਦ ਸੁਪਰੀਮ ਕੋਰਟ ਰਾਹੀਂ ਪੰਜਾਬ ਦਾ ਪਾਣੀ ਦਿੱਲੀ ਲੈ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੇ ਨਾਂ ’ਤੇ ਸੂਬੇ ਦੇ ਥਰਮਲ ਪਲਾਟਾਂ ਅਤੇ ਪਰਾਲੀ ਨੂੰ ਅੱਗ ਲਾਉਣ ਦੇ ਨਾਂ ’ਤੇ ਕਿਸਾਨੀ ਨੂੰ ਵੀ ਪ੍ਰੇਸ਼ਾਨ ਕਰੇਗਾ। ਇਸ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਵੀ ਸੰਬੋਧਨ ਕੀਤਾ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਇਥੇ ਸੁਖਬੀਰ ਬਾਦਲ ਨੇ ਪਾਰਟੀ ਉਮੀਦਵਾਰ ਬਲਦੇਵ ਮਾਨ ਦੇ ਹੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਜਾ ਰਹੇ ਝੂਠੇ ਵਾਅਦਿਆਂ ਦੇ ਝਾਂਸੇ ਵਿੱਚ ਨਾ ਆਉਣ ਕਿਉਂਕਿ ਕੇਜਰੀਵਾਲ ਨੇ ਦਿੱਲੀ ਵਿੱਚ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਸਾਬਕਾ ਵਿਧਾਇਕ ਰਘੁਬੀਰ ਸਿੰਘ ਪ੍ਰਧਾਨ ਅਕਾਲੀ ਦਲ ਵਿੱਚ ਸ਼ਾਮਲ
ਗਿੱਦੜਬਾਹਾ (ਪੱਤਰ ਪ੍ਰੇਰਕ): ਇਥੇ ਸਾਬਕਾ ਕਾਂਗਰਸੀ ਵਿਧਾਇਕ ਰਘੁਬੀਰ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਆਪਣੇ ਪੁਰਾਣੇ ਸਾਥੀਆਂ ਸਣੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਨੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਪਾਰਟੀ ਵਿੱਚ ਪੂਰਾ ਮਾਨ-ਸਨਮਾਨ ਦੇਣ ਦਾ ਭਰੋਸਾ ਦਿੱਤਾ