ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 9 ਜੁਲਾਈ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਲੰਗਰ ਖਰੀਦ ’ਚ ਬੀਤੇ ਦਿਨੀਂ ਬੇਨਿਯਮੀਆਂ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਮੈਨੇਜਰ ਨੇ ਭਵਿੱਖ ਵਿਚ ਕੇਸਗੜ੍ਹ ਸਾਹਿਬ ਵਿਖੇ ਫ਼ਲ, ਜੂਸ ਅਤੇ ਮੇਵੇ ਆਦਿ ਖਰੀਦਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਸਟੋਰ, ਲੰਗਰ ਹਾਲ ਤੇ ਪਤਾਲਪੁਰੀ ਸਾਹਿਬ ਵਿਖੇ ਤਾਇਨਾਤ ਅੱਧੀ ਦਰਜਨ ਤੋਂ ਵੱਧ ਮੁਲਾਜ਼ਮਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਵੱਖ-ਵੱਖ ਗੁਰਦੁਆਰਿਆਂ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਸਰਾਵਾਂ ’ਚ ਕਮਰੇ ਲੈਣ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਜਿਹੜੇ ਮੁਲਾਜ਼ਮ ਕਮਰਾ ਲੈਣ ਲਈ ਆਊਣ ਵਾਲੇ ਸ਼ਰਧਾਲੂਆਂ ਨਾਲ ਆਪਣਾ ਵਤੀਰਾ ਰੁੱਖਾ ਰੱਖਣਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।