ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਜਨਵਰੀ
ਆਮ ਆਦਮੀ ਪਾਰਟੀ (ਆਪ) ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਇੱਥੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨੀ ਮੋਰਚੇ ਦੀ ਹਮਾਇਤ ਕਰਨ ਵਾਲੇ ਲੋਕਾਂ ਦੀ ਆਵਾਜ਼ ਦਬਾਉਣ ਲਈ ਯੂਏਪੀਏ ਕਾਨੂੰਨ ਦੀ ਦੁਰਵਰਤੋਂ ਕਰਕੇ ਸਿਆਸੀ ਅਤਿਵਾਦ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਧਰਨਿਆਂ ਦੇ ਹਮਾਇਤੀਆਂ ਨੂੰ ਭੇਜੀ ਗਈ ਮੌਜੂਦਾ ਐੱਨਆਈਏ ਨੋਟਿਸਾਂ ਦੀ ਲੜੀ ਭਾਜਪਾ ਸਰਕਾਰ ਦੀ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ। ਇਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ਉੱਪਰ ਸਿਆਸੀ ਅਤਿਵਾਦ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਰੋਧੀ ਅਤਿਵਾਦੀ ਗਤੀਵਿਧੀਆਂ ਖ਼ਿਲਾਫ਼ ਲੜਨ ਲਈ ਐੱਨਆਈਏ ਬਣਾਇਆ ਗਿਆ ਸੀ ਪਰ ਹੁਣ ਭਾਜਪਾ ਵੱਲੋਂ ਇਸ ਦੀ ਦੁਰਵਰਤੋਂ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਕੀਤੀ ਜਾ ਰਹੀ ਹੈ।