ਆਤਿਸ਼ ਗੁਪਤਾ
ਚੰਡੀਗੜ੍ਹ, 3 ਅਕਤੂਬਰ
ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕਰ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਸੰਧਵਾਂ ਖ਼ਿਲਾਫ਼ ਤਰਨ ਤਾਰਨ ਦੀ ਅਦਾਲਤ ਨੇ 17 ਸਤੰਬਰ ਨੂੰ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਪੰਜਾਬ ਪੁਲੀਸ ਉਨ੍ਹਾਂ ਨੂੰ ਅਦਾਲਤੀ ਹੁਕਮਾਂ ਦੇ ਬਾਵਜੂਦ ਗ੍ਰਿਫ਼ਤਾਰ ਨਹੀਂ ਕਰ ਰਹੀ। ਸ੍ਰੀ ਖਹਿਰਾ ਨੇ ਡੀਜੀਪੀ ਨੇ ਡੀਜੀਪੀ ਨੂੰ ਮੰਗ ਪੱਤਰ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਾਲ 2020 ਵਿੱਚ ਕਰੋਨਾ ਮਹਾਮਾਰੀ ਦੌਰਾਨ ਤਰਨ ਤਾਰਨ ਵਿਚ ਧਰਨਾ ਦਿੱਤਾ ਸੀ, ਜਿਸ ਸਬੰਧੀ ਤਰਨ ਤਾਰਨ ਪੁਲੀਸ ਨੇ 26 ਅਗਸਤ 2020 ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਤਰਨ ਤਾਰਨ ਦੀ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਹੈ, ਜਿੱਥੇ ਸ੍ਰੀ ਸੰਧਵਾਂ ਪੇਸ਼ ਨਹੀਂ ਹੋਏ। ਸੰਧਵਾਂ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਅਰਜ਼ੀ ਲਾਈ ਸੀ, ਜਿਸ ਨੂੰ ਅਦਾਲਤ ਨੇ 29 ਸਤੰਬਰ 2022 ਨੂੰ ਰੱਦ ਕਰ ਕਰਦਿਆਂ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ ਜਿਸ ਕਰ ਕੇ ਸੰਧਵਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਸ੍ਰੀ ਖਹਿਰਾ ਨੇ ਕਿਹਾ ਕਿ ‘ਆਪ’ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ, ਜਿਸ ਵੱਲੋਂ ਪੰਜਾਬ ਦੇ ਹੱਕ ਦੀ ਗੱਲ ਕਰਨ ਵਾਲੇ ਲੱਖਾ ਸਿਧਾਣਾ ਖ਼ਿਲਾਫ਼ ਕੇਸ ਦਰਜ ਕਰ ਕੇ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ 9 ਅਕਤੂਬਰ ਨੂੰ ਲੱਖਾ ਸਿਧਾਣਾ ਵੱਲੋਂ ਪਿੰਡ ਮਹਿਰਾਜ ਵਿੱਚ ਕੀਤੇ ਜਾ ਰਹੇ ਇਕੱਠ ਵਿੱਚ ਸਾਰਿਆਂ ਨੂੰ ਪਹੁੰਚਣ ਦੀ ਅਪੀਲ ਕੀਤੀ।
ਸ੍ਰੀ ਖਹਿਰਾ ਨੇ ਕਿਹਾ ਕਿ ‘ਆਪ’ ਦੀ ਹਾਈਕਮਾਂਡ ਪੰਜਾਬ ਦੇ ਖਜ਼ਾਨੇ ਨੂੰ ਖੋਰਾ ਲਾ ਰਹੀ ਹੈ। ਉਨ੍ਹਾਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ‘ਆਪ’ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ। ਕਾਂਗਰਸੀ ਵਿਧਾਇਕ ਨੇ ਕਿਹਾ ਕਿ ਤਰਨ ਤਾਰਨ ਦੀ ਜ਼ਿਲ੍ਹਾ ਅਦਾਲਤ ਨੇ ਸਪੀਕਰ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ, ਉਨ੍ਹਾਂ ਨੂੰ ਸੈਸ਼ਨ ਦੀ ਅਗਵਾਈ ਦਾ ਕੋਈ ਅਧਿਕਾਰ ਨਹੀਂ ਹੈ।
ਅਮਿਤ ਸ਼ਾਹ ਅਤੇ ਅਨੁਰਾਗ ਠਾਕੁਰ ਖ਼ਿਲਾਫ਼ ਕੇਸ ਦਰਜ ਕਰੇ ‘ਆਪ’
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਮਾਮਲੇ ਵਿੱਚ ਦੋ ਵਕੀਲ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਨੁਰਾਗ ਠਾਕੁਰ ਦੇ ਬਿਆਨ ਵਿਜੀਲੈਂਸ ਕੋਲ ਦਰਜ ਕਰਵਾਏ ਹਨ। ਇਸ ਕਰ ਕੇ ਪੰਜਾਬ ਸਰਕਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਨੁਰਾਗ ਠਾਕੁਰ ਖ਼ਿਲਾਫ਼ ਕੇਸ ਦਰਜ ਕਰੇ। ਇਹ ਪ੍ਰਗਟਾਵਾ ਖਹਿਰਾ ਨੇ ਟਵੀਟ ਕਰਕੇ ਕੀਤਾ ਹੈ।