ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 21 ਮਈ
ਪੰਚਾਇਤ ਵਿਭਾਗ ਵੱਲੋਂ ਕਬਜ਼ੇ ਹੇਠੋਂ ਛੁਡਵਾਈਆਂ ਜਾ ਰਹੀਆਂ ਸ਼ਾਮਲਾਟ ਜ਼ਮੀਨਾਂ ਦੇ ਕਾਬਜ਼ਕਾਰਾਂ ਦੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਲਕੇ 22 ਮਈ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਤਰਤਾ ਬੁਲਾਈ ਹੈ। ਇਨ੍ਹਾਂ ਜ਼ਮੀਨਾਂ ਸਬੰਧੀ ਕਾਨੂੰਨੀ ਪੱਖ ਵਿਚਾਰਨ ਲਈ ਉਹ ਆਪਣੇ ਨਾਲ ਵਕੀਲਾਂ ਦਾ ਪੈਨਲ ਵੀ ਲੈ ਕੇ ਆ ਰਹੇ ਹਨ। ਕਾਂਗਰਸੀ ਆਗੂ ਵੱਲੋਂ ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਸ਼ੁਰੂ ਤੋਂ ਹੀ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਦਲੀਲ ਹੈ ਕਿ ਸਰਕਾਰ ਨਾਜਾਇਜ਼ ਕਬਜ਼ੇ ਸਿਰਫ਼ ਬੇਜ਼ਮੀਨੇ ਅਤੇ ਛੋਟੇ ਕਿਸਾਨਾਂ ਕੋਲੋਂ ਹੀ ਛੁਡਵਾ ਰਹੀ ਹੈ। ਕਾਂਗਰਸੀ ਵਿਧਾਇਕ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਤੇ ਐਡਵੋਕੇਟ ਸਤਵੀਰ ਵਾਲੀਆ ਨੇ ਸੋਸ਼ਲ ਮੀਡੀਆ ਰਾਹੀਂ ਕਾਬਜ਼ਕਾਰਾਂ ਨੂੰ ਮੁਹਾਲੀ ਪਹੁੰਚਣ ਦੀ ਅਪੀਲ ਕੀਤੀ ਹੈ।