ਖ਼ਾਲਿਸਤਾਨੀ ਝੰਡਾ: ਮੁਲਜ਼ਮਾਂ ਦੇ ਪਨਾਹਗਾਰ ਨੂੰ ਜ਼ਮਾਨਤ
ਮਹਿੰਦਰ ਸਿੰਘ ਰੱਤੀਆਂ
ਇਥੇ ਸਾਲ 2020 ਵਿੱਚ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਜ਼ਿਲ੍ਹਾ ਸਕੱਤਰੇਤ ਇਮਾਰਤ ਦੀ ਪੰਜਵੀਂ ਮੰਜ਼ਿਲ ’ਤੇ ਖ਼ਾਲਿਸਤਾਨੀ ਝੰਡਾ ਝੁਲਾਉਣ ਅਤੇ ਤਿਰੰਗੇ ਦੀ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੂੰ ਪੰਜਾਬ ਅਤੇ ਹਰਿਆਣਾ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਸ ਮਾਮਲੇ ਦੀ ਜਾਂਚ ਐੱਨ ਆਈ ਏ ਕਰ ਰਹੀ ਹੈ। ਸਿੱਖ ਕਾਨੂੰਨੀ ਸਲਾਹਕਾਰ ਬੋਰਡ ਅਤੇ ਪੰਜਾਬ ਲਾਇਅਰਜ਼ ਦੇ ਮੁਖੀ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਅਤੇ ਐਡਵੋਕੇਟ ਭਾਨੂੰ ਪ੍ਰਤਾਪ ਸਿੰਘ ਨੇ ਦੱਸਿਆ ਕਿ 14 ਅਗਸਤ 2020 ਨੂੰ ਮੋਗਾ ਜ਼ਿਲ੍ਹਾ ਸਕੱਤਰੇਤ ਇਮਾਰਤ ਦੀ ਪੰਜਵੀਂ ਮੰਜ਼ਿਲ ’ਤੇ ਕੇਸਰੀ ਝੰਡਾ ਝੁਲਾਇਆ ਗਿਆ ਸੀ, ਜਿਸ ਉੱਤੇ ਖ਼ਾਲਿਸਤਾਨ ਲਿਖਿਆ ਹੋਇਆ ਸੀ। ਇਸ ਮਾਮਲੇ ਵਿੱਚ ਮੁੱਖ ਮੁਲਜ਼ਮਾਂ ਨੂੰ ਪਨਾਹ ਦੇਣ ਦੇ ਦੋਸ਼ ਹੇਠ 3 ਸਤੰਬਰ 2020 ਨੂੰ ਜਗਵਿੰਦਰ ਸਿੰਘ ਵਾਸੀ ਪੱਖੋਵਾਲ ਜ਼ਿਲ੍ਹਾ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਨੂੰ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਦੀਪਕ ਸਿੱਬਲ ਤੇ ਜਸਟਿਸ ਲਪਿਤਾ ਬੈਨਰਜੀ ਦੀ ਅਗਵਾਈ ਵਾਲੇ ਬੈਂਚ ਨੇ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 14 ਅਗਸਤ 2020 ਨੂੰ ਪਹਿਲਾਂ ਇਹ ਮਾਮਲਾ ਥਾਣਾ ਸਿਟੀ ਵਿੱਚ ਦੇਸ਼ ਧ੍ਰੋਹ ਤੇ ਹੋਰ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ ਪਰ ਬਾਅਦ ਵਿੱਚ ਇਹ ਕੇਸ ਐੱਨ ਆਈ ਏ ਕੋਲ ਚਲਾ ਗਿਆ ਸੀ। ਹੁਣ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਚੱਲ ਰਹੀ ਹੈ। ਮਾਮਲੇ ਵਿੱਚ ਮੁੱਖ ਮੁਲਜ਼ਮ ਇੰਦਰਜੀਤ ਸਿੰਘ ਗਿੱਲ ਅਤੇ ਜਸਪਾਲ ਸਿੰਘ ਉਰਫ਼ ਰਿੰਪਾ ਅਤੇ ਵਿਦਿਆਰਥੀ ਅਕਾਸ਼ਦੀਪ ਸਿੰਘ ਸਣੇ ਸੱਤ ਮੁਲਜ਼ਮ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ।
