ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 12 ਜੁਲਾਈ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਅੱਜ ਵਣ ਵਿਭਾਗ ਦੇ ਦਫ਼ਤਰ ਬਾਹਰ ਲੱਗੇ ਬੋਰਡ ਤੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਲੱਗੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੈਨਰ ’ਤੇ ਅਣਪਛਾਤੇ ਵਿਅਕਤੀਆਂ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖ ਦਿੱਤੇ ਗਏ। ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲੈਂਦਿਆਂ ਇੱਕ ਵੀਡੀਓ ਜਾਰੀ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਇਹ ਨਾਅਰੇ ਮਿਟਾ ਦਿੱਤੇ ਹਨ ਅਤੇ ਪੁਲੀਸ ਦੇ ਖੁਫ਼ੀਆ ਵਿੰਗ ਨੇ ਇਸ ਸਬੰਧੀ ਪੜਤਾਲ ਆਰੰਭ ਦਿੱਤੀ ਹੈ। ਇਸ ਸਬੰਧੀ ਗੁਰਪਤਵੰਤ ਪੰਨੂ ਵੱਲੋਂ ਜਾਰੀ ਕੀਤੀ ਗਈ ਵੀਡੀਓ ਵਿੱਚ ਕੈਨੇਡਾ ’ਚ ਮਾਰੇ ਖ਼ਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਆਖੀ ਗਈ ਹੈ ਤੇ ਭਾਰਤ ’ਚ ਹੋਣ ਵਾਲੇ ਕ੍ਰਿਕਟ ਵਿਸ਼ਵ ਕੱਪ ਨੂੰ ਰੋਕਣ ਦੀ ਧਮਕੀ ਵੀ ਦਿੱਤੀ ਹੈ। ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਮਲਿਕ ਨੇ ਇਸ ਸਬੰਧੀ ਟੀਮਾਂ ਬਣਾਈਆਂ ਹਨ, ਜੋ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀਆਂ ਹਨ।